ਬਰਨਾਲਾ, 24 ਸਤੰਬਰ 2026 AJ DI Awaaj
Punjab Desk : ਸੁਣਨ ਤੋਂ ਅਸਮਰੱਥ ਵਿਅਕਤੀਆਂ ਦੇ ਅੰਤਰਰਾਸ਼ਟਰੀ ਹਫ਼ਤੇ ਮੌਕੇ ਅਤੇ ਨਾਲਸਾ (NALSA) ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਦਿਵਿਆਂਗ ਬੱਚਿਆਂ ਲਈ ਸਕੂਲ, ਪਵਨ ਸੇਵਾ ਸਮਿਤੀ ਬਰਨਾਲਾ ਵਿਖੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਮਾਜ ਵਿੱਚ ਬਰਾਬਰੀ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮਾਣਯੋਗ ਸ੍ਰੀਮਤੀ ਅੰਸ਼ੁਲ ਬੈਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ, ਖਾਸ ਕਰਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਵਿਅਕਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਉਪਲਬਧ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ੍ਰੀਮਤੀ ਅੰਸ਼ੁਲ ਬੈਰੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, DLSA ਬਰਨਾਲਾ ਅਤੇ ਸ੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ, ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਅਤੇ ਹੌਸਲਾ-ਅਫ਼ਜ਼ਾਈ ਲਈ ਪ੍ਰਸ਼ੰਸਾ ਇਨਾਮ ਦਿੱਤੇ ਗਏ। ਮਾਣਯੋਗ ਚੇਅਰਮੈਨ ਵੱਲੋਂ ਵਿਦਿਆਰਥੀਆਂ ਦੀ ਰਚਨਾਤਮਕਤਾ, ਮਿਹਨਤ ਅਤੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ, ਚੇਅਰਮੈਨ ਅਤੇ ਪਵਨ ਸੇਵਾ ਸਮਿਤੀ ਦੇ ਸਮੂਹ ਕਮੇਟੀ ਮੈਂਬਰ ਵੀ ਮੌਜੂਦ ਰਹੇ। ਸਕੂਲ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਸੁਣਨ ਅਤੇ ਬੋਲਣ ਤੋਂ ਅਸਮਰੱਥ ਵਿਅਕਤੀ ਵੀ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨੂੰ ਸਿੱਖਿਆ, ਨਿਆਂ, ਕਾਨੂੰਨੀ ਸਹਾਇਤਾ ਅਤੇ ਸਮਾਜਿਕ ਮੌਕਿਆਂ ਤੱਕ ਬਰਾਬਰ ਪਹੁੰਚ ਪ੍ਰਦਾਨ ਕਰਨਾ ਸਾਂਝੀ ਜ਼ਿੰਮੇਵਾਰੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਤੱਕ ਕਾਨੂੰਨੀ ਸੇਵਾਵਾਂ ਪਹੁੰਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟ ਕੀਤੀ ਗਈ।



















