ਹੁਸ਼ਿਆਰਪੁਰ, 12 ਨਵੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਹੁਸ਼ਿਆਰਪੁਰ ਵੱਲੋਂ ਪਿੰਡ ਹਰਦੋਖਾਨਪੁਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਕੇਂਦਰ ਦੇ ਮਾਹਿਰ ਕਾਊਂਸਲਰ ਪ੍ਰਸ਼ਾਂਤ ਆਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਪ੍ਰਸ਼ਾਂਤ ਆਦੀਆ ਨੇ ਕਿਹਾ ਕਿ ਨਸ਼ੇ ਦੀ ਲਤ ਇੱਕ ਗੰਭੀਰ ਸਿਹਤ ਅਤੇ ਸਮਾਜਿਕ ਸਮੱਸਿਆ ਹੈ, ਪਰ ਸਹੀ ਸਮੇਂ ’ਤੇ ਇਲਾਜ, ਕਾਊਂਸਲਿੰਗ ਅਤੇ ਪਰਿਵਾਰਕ ਸਹਿਯੋਗ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਤੰਬਾਕੂ, ਸਿਗਰਟ ਅਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਨਸ਼ਾ ਵਿਅਕਤੀ ਦੀ ਸਿਹਤ ਦੇ ਨਾਲ-ਨਾਲ ਉਸ ਦੀ ਸਿੱਖਿਆ, ਰੁਜ਼ਗਾਰ, ਪਰਿਵਾਰਕ ਸਬੰਧਾਂ ਅਤੇ ਸਮਾਜਿਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਤੰਬਾਕੂ ਵਿੱਚ ਮੌਜੂਦ ਹਾਨੀਕਾਰਕ ਰਸਾਇਣਾਂ ਕਾਰਨ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਫੇਫੜਿਆਂ ਸਬੰਧੀ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਨੌਜਵਾਨਾਂ ਨੂੰ ਸ਼ੁਰੂਆਤ ਤੋਂ ਹੀ ਅਜਿਹੀਆਂ ਬੁਰੀਆਂ ਆਦਤਾਂ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਮੁਫ਼ਤ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਾਨਸਿਕ ਤਣਾਅ, ਚਿੰਤਾ, ਡਿਪਰੈਸ਼ਨ ਅਤੇ ਨਸ਼ਿਆਂ ਸਬੰਧੀ ਸਲਾਹ ਤੇ ਕਾਊਂਸਲਿੰਗ ਲਈ ਟੈਲੀ-ਮਾਨਸ ਦੀ 24 ਘੰਟੇ ਚੱਲਣ ਵਾਲੀ ਮੁਫ਼ਤ ਹੈਲਪਲਾਈਨ 14416 ਅਤੇ 1800-89-14416 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਸਹਾਇਤਾ ਲਈ ਹੈਲਪਲਾਈਨ ਨੰਬਰ 85580-01882 ਵੀ ਉਪਲਬਧ ਹੈ।
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਲ ਸਿਵਲ ਹਸਪਤਾਲ ਦਸੂਹਾ ਵਿਖੇ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ, ਜਿਥੇ ਮਰੀਜ਼ਾਂ ਨੂੰ 15 ਤੋਂ 21 ਦਿਨਾਂ ਤੱਕ ਡਿਟੌਕਸੀਫਿਕੇਸ਼ਨ ਦਾ ਇਲਾਜ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਲੋੜ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਪੁਨਰਵਾਸ ਕੇਂਦਰ, ਮੁਹੱਲਾ ਫਤਿਹਗੜ੍ਹ ਹੁਸ਼ਿਆਰਪੁਰ ਵਿਖੇ 90 ਦਿਨਾਂ ਲਈ ਦਾਖ਼ਲ ਕਰਕੇ ਇਲਾਜ ਅਤੇ ਪੁਨਰਵਾਸ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਵੱਖ-ਵੱਖ ਕਿੱਤਾਮੁਖੀ ਹੁਨਰ ਵਿਕਾਸ ਸਿਖਲਾਈ ਵੀ ਦਿੱਤੀ ਜਾਂਦੀ ਹੈ, ਤਾਂ ਜੋ ਉਹ ਇਲਾਜ ਤੋਂ ਬਾਅਦ ਆਤਮ-ਨਿਰਭਰ ਜੀਵਨ ਬਤੀਤ ਕਰ ਸਕਣ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਸੀ.ਐੱਚ.ਸੀ. ਪੱਧਰ ’ਤੇ ਓ.ਓ.ਏ.ਟੀ. ਕਲੀਨਿਕ ਚਲਾਏ ਜਾ ਰਹੇ ਹਨ, ਜਿੱਥੇ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਦੀ ਲਿਖਤੀ ਸਹਿਮਤੀ ਤੋਂ ਬਾਅਦ ਆਨਲਾਈਨ ਪ੍ਰਣਾਲੀ ਰਾਹੀਂ ਦਵਾਈ ਆਧਾਰਿਤ ਇਲਾਜ ਸ਼ੁਰੂ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਚਲਾਏ ਜਾ ਰਹੇ ਓ.ਐੱਸ.ਟੀ. ਕੇਂਦਰਾਂ ਵਿੱਚ ਟੀਕੇ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਵਿਸ਼ੇਸ਼ ਇਲਾਜ ਅਤੇ ਸਹਾਇਤਾ ਸੇਵਾਵਾਂ ਉਪਲਬਧ ਹਨ।
ਸੈਮੀਨਾਰ ਦੌਰਾਨ ਆਯੂਸ਼ਮਾਨ ਅਰੋਗਿਆ ਕੇਂਦਰ, ਅਰਬਨ ਸਿਵਲ ਡਿਸਪੈਂਸਰੀ ਨਹਿਰ ਕਲੋਨੀ ਹੁਸ਼ਿਆਰਪੁਰ ਦੀ ਕਲੀਨਿਕਲ ਅਸਿਸਟੈਂਟ ਦੀਪਿਕਾ ਆਦੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਸ਼ਾਂਤ ਆਦੀਆ ਨੇ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਸਹੁੰ ਚੁਕਾਈ। ਪਿੰਡ ਵਾਸੀਆਂ ਨੇ ਇਸ ਜਾਗਰੂਕਤਾ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।



















