ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਦਾ ਸਨਮਾਨ

1
ਬਰਨਾਲਾ, 12 ਅਕਤੂਬਰ 2026 AJ DI Awaaj
Punjab Desk :    ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਦੀ ਬੀਤੇ ਦਿਨੀਂ ਬਰਨਾਲਾ ਵਿਖੇ ਆਮਦ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਭਾਰਤੀ ਹਾਕੀ ਕਪਤਾਨ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਸਨਮਾਨ ਵਿੱਚ ਸ਼ਾਲ ਅਤੇ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਹਾਲ ਹੀ ਵਿੱਚ ਜਪਾਨ ਵਿਖੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਪਣੇ ਘਰ ਪਰਤਣ ਤੋਂ ਬਾਅਦ ਕਿਸੇ ਸਮਾਗਮ ਵਿੱਚ ਹਿੱਸਾ ਲੈਣ ਲਈ ਬਰਨਾਲਾ ਆਏ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਸਿੰਘ ਉੱਪਰ ਸਮੁੱਚੇ ਦੇਸ਼ ਨੂੰ ਮਾਣ ਹੈ ਜੋ ਭਾਰਤ ਦੇ ਪਹਿਲੇ ਕਪਤਾਨ ਹਨ ਜਿੰਨਾ ਆਪਣੀ ਕਪਤਾਨੀ ਹੇਠ ਭਾਰਤ ਨੂੰ ਦੋ ਵਾਰ ਏਸ਼ਿਆਈ ਖੇਡਾਂ ਵਿੱਚ ਸੋਨ ਤਮਗ਼ਾ ਜਿਤਾਇਆ। ਇਸ ਵਾਰ ਏਸ਼ਿਆਈ ਖੇਡਾਂ ਵਿੱਚ ਹਰਮਨਪ੍ਰੀਤ ਸਿੰਘ 12 ਗੋਲਾਂ ਨਾਲ ਟਾਪ ਸਕੋਰਰ ਵੀ ਰਿਹਾ। ਹਰਮਨਪ੍ਰੀਤ ਸਿੰਘ ਨੇ ਆਪਣੇ ਇਕ ਦਹਾਕਾ ਸ਼ਾਨਾਮੱਤੇ ਕਰੀਅਰ ਦੌਰਾਨ ਦੋ ਵਾਰ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਭਾਰਤ ਨੂੰ ਓਲੰਪਿਕਸ ਦੇ ਹਾਕੀ ਮੁਕਾਬਲਿਆਂ ਵਿੱਚ ਇਹ ਸਨਮਾਨ 52 ਸਾਲਾਂ ਬਾਅਦ ਮਿਲਿਆ।
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਦਾ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਸਮੂਹ ਸੂਬਾ ਵਾਸੀਆਂ ਨੂੰ ਇਸ ਮਹੀਨੇ ਦੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋ ਰਹੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਉੱਤੇ ਪਹਿਲੀ ਵਾਰ ਹਾਕੀ ਦਾ ਕੋਈ ਟੂਰਨਾਮੈਂਟ ਹੋ ਰਿਹਾ ਹੈ ਅਤੇ ਸਾਰੇ ਲੀਗ ਮੈਚ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਹੋਣਗੇ ਅਤੇ ਸੈਮੀ ਫ਼ਾਈਨਲ ਤੇ ਫ਼ਾਈਨਲ ਮੁਕਾਬਲੇ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿਖੇ ਹੋਣਗੇ।
ਇਸ ਮੌਕੇ ਐਸ.ਡੀ.ਐਮ. ਡਾ ਅਜੀਤ ਪਾਲ ਸਿੰਘ ਚਹਿਲ, ਤਹਿਸੀਲਦਾਰ ਕੁਲਦੀਪ ਸਿੰਘ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।