ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

31
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ
 
ਦੋਵਾਂ ਮੁਲਜ਼ਮਾਂ ਨੂੰ ਕਰਾਸ-ਐਫਆਈਆਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ 

ਚੰਡੀਗੜ੍ਹ, 17 ਫਰਵਰੀ 2025 Aj Di Awaaj

ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ, ਵਾਸੀ ਪਿੰਡ ਬੁਰਜ, ਬਠਿੰਡਾ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ, ਵਾਸੀ ਪਿੰਡ ਭਾਈ ਰੂਪਾ, ਵਜੋਂ ਹੋਈ ਹੈ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕਰਨ ਤੋਂ ਦੋ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ। ਜਾਣਕਾਰੀ ਅਨੁਸਾਰ ਬਠਿੰਡਾ ਦੇ ਭਾਈ ਰੂਪਾ ਦੇ ਓਵਰਸੀਅਰ ਸਿੰਘ, ਜਿਸਦਾ ਕਿ ਪੁਰਾਣਾ ਅਪਰਾਧਿਕ ਰਿਕਾਰਡ ਸੀ, ਨੂੰ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਨਿੱਜੀ ਦੁਸ਼ਮਣੀ ਕਾਰਨ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੇ ਗੁਆਂਢੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹਨਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਈ ਅਤੇ ਪੁਲਿਸ ਟੀਮਾਂ ਨੇ ਦੋਵਾਂ ਨੂੰ ਬਠਿੰਡਾ ਦੇ ਪਿੰਡ ਭਾਈ ਰੂਪਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਖਵਿੰਦਰ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਮ੍ਰਿਤਕ ਓਵਰਸੀਅਰ ਸਿੰਘ ਦੇ ਸਾਥੀ ਹਨ ਅਤੇ ਉਨ੍ਹਾਂ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾਈਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਕਰਾਸ ਐਫਆਈਆਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਫੂਲ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਤੇ 351(2) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 11 ਮਿਤੀ 05.02.25 ਦਰਜ ਕੀਤੀ ਗਈ ਸੀ ਅਤੇ ਕਰਾਸ-ਐਫਆਈਆਰ ਦੇ ਹਿੱਸੇ ਵਜੋਂ ਬੀਐਨਐਸ ਦੀ ਧਾਰਾ 109 ਜੋੜ ਦਿੱਤੀ ਗਈ ਸੀ।