ਦਿੱਲੀ 21 Oct 2026 AJ DI Awaaj
National Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਤੋਂ ਵਾਪਸ ਪਰਤਣ ਮਗਰੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕਥਿਤ ਤੌਰ ’ਤੇ ਰੋਕੇ ਜਾਣ ਅਤੇ 50 ਹਜ਼ਾਰ ਰੁਪਏ ਦਾ ਚਲਾਨ ਕੱਟੇ ਜਾਣ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ।
ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ 17 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਮਗਰੋਂ ਫਰਾਂਸ ਦੌਰੇ ਲਈ ਰਵਾਨਾ ਹੋਏ ਸਨ। ਉਹ 19 ਅਕਤੂਬਰ ਦੀ ਦੇਰ ਰਾਤ ਚੰਡੀਗੜ੍ਹ ਵਾਪਸ ਪਰਤੇ।
‘ਆਪ’ ਦੇ ਬੁਲਾਰੇ ਬਲਤੇਜ ਪੰਨੂ ਮੁਤਾਬਕ, ਫਰਾਂਸ ਤੋਂ ਵਾਪਸੀ ਦੌਰਾਨ ਜਦੋਂ ਮੁੱਖ ਮੰਤਰੀ ਰਾਤ ਕਰੀਬ 11 ਵਜੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਸਾਮਾਨ ਨਾ ਆਉਣ ਦਾ ਹਵਾਲਾ ਦੇ ਕੇ ਕਈ ਘੰਟੇ ਰੋਕੀ ਰੱਖਿਆ ਗਿਆ।
ਪੰਨੂ ਨੇ ਦੋਸ਼ ਲਾਇਆ ਕਿ ਜਦੋਂ ਮੁੱਖ ਮੰਤਰੀ ਹਵਾਈ ਅੱਡੇ ਤੋਂ ਬਾਹਰ ਆ ਕੇ ਆਪਣੀ ਗੱਡੀ ਵਿੱਚ ਬੈਠ ਗਏ ਤਾਂ ਪਿੱਛੋਂ ਆਏ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਕੇ 50 ਹਜ਼ਾਰ ਰੁਪਏ ਦਾ ਚਲਾਨ ਕੱਟ ਦਿੱਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਵਿਦੇਸ਼ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਨਿਯਮਾਂ ਅਨੁਸਾਰ ਪ੍ਰੋਟੋਕਾਲ ਦੇਣ ਦੇ ਨਿਰਦੇਸ਼ ਵੀ ਦਿੱਤੇ ਸਨ।
ਫਰਾਂਸ ਵਿੱਚ ਵੀ ਪ੍ਰੋਟੋਕਾਲ ਨਾ ਮਿਲਣ ਦਾ ਦੋਸ਼
ਬਲਤੇਜ ਪੰਨੂ ਨੇ ਕਿਹਾ ਕਿ ਨਿਯਮਾਂ ਮੁਤਾਬਕ ਫਰਾਂਸ ਦੌਰੇ ਦੌਰਾਨ ਭਾਰਤੀ ਕੌਂਸਲੇਟ ਜਨਰਲ ਦੇ ਨੁਮਾਇੰਦੇ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨੀ ਸੀ, ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਅਦਾਲਤੀ ਹੁਕਮਾਂ ਅਤੇ ਪ੍ਰੋਟੋਕਾਲ ਦੀ ਪਾਲਣਾ ਨਹੀਂ ਕੀਤੀ।
ਫਰਾਂਸ ਦੌਰੇ ਦੀ ਮਨਜ਼ੂਰੀ ਨੂੰ ਲੈ ਕੇ ਵੀ ਵਿਵਾਦ
ਇਸ ਮਾਮਲੇ ਦੀ ਪਿੱਠਭੂਮੀ ਵਿੱਚ ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਜਾਣ ਲਈ ਸਿਆਸੀ ਮਨਜ਼ੂਰੀ ਨਾ ਦਿੱਤੇ ਜਾਣ ਦਾ ਮਾਮਲਾ ਵੀ ਸ਼ਾਮਲ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕੇਂਦਰ ਦੇ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਰਿਪੋਰਟ ਮੁਤਾਬਕ, ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰ ਲਈ ਸੀ।
‘ਆਪ’ ਦੇ ਬੁਲਾਰੇ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਫਰਾਂਸ ਦੌਰੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵੱਈਆ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਸੀ। ਹਾਲਾਂਕਿ, ਇਨ੍ਹਾਂ ਦੋਸ਼ਾਂ ਬਾਰੇ ਕੇਂਦਰ ਸਰਕਾਰ ਜਾਂ ਸਬੰਧਤ ਅਧਿਕਾਰੀਆਂ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ।



















