ਭਗਵੰਤ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ

22

Punjab 08 Jan 2026 AJ DI Awaaj

Punjab Desk : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ।

ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਰਿਆਦਾ ਅਤੇ ਗੁਰੂ ਦੀ ਗੋਲਕ ਬਾਰੇ ਕੀਤੀਆਂ ਕੁਝ ਟਿੱਪਣੀਆਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਦਰਮਿਆਨ, ਭਗਵੰਤ ਮਾਨ ਨੇ 15 ਜਨਵਰੀ ਨੂੰ ਪੇਸ਼ ਹੋਣ ਤੋਂ ਪਹਿਲਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਪਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਤੋਂ ਸੰਗਤਾਂ ਵੱਲੋਂ ਸੁਨੇਹੇ ਆ ਰਹੇ ਹਨ ਕਿ ਗੋਲਕ ਦੇ ਹਿਸਾਬ–ਕਿਤਾਬ ਨਾਲ ਸੰਬੰਧਿਤ ਮਾਮਲੇ ਦੀ ਪੂਰੀ ਕਾਰਵਾਈ ਸਭ ਚੈਨਲਾਂ ’ਤੇ ਲਾਈਵ ਦਿਖਾਈ ਜਾਵੇ।

ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਉਹ ਸੰਗਤਾਂ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਉਨ੍ਹਾਂ ਦੇ ਸਪਸ਼ਟੀਕਰਨ ਦਾ ਲਾਈਵ ਟੈਲੀਕਾਸਟ ਕੀਤਾ ਜਾਵੇ, ਤਾਂ ਜੋ ਸੰਗਤ ਹਰ ਪਲ ਅਤੇ ਹਰ ਪੈਸੇ ਦੇ ਹਿਸਾਬ ਨਾਲ ਜੁੜੀ ਰਹੇ। ਉਨ੍ਹਾਂ ਅਖੀਰ ’ਚ ਲਿਖਿਆ, “ਮਿਲਦੇ ਹਾਂ ਜੀ 15 ਜਨਵਰੀ ਨੂੰ, ਸਬੂਤਾਂ ਸਮੇਤ।”