Hoshiarpur 22 June 2026 AJ DI Awaaj
Punjab Desk : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਐਲਾਨੇ ਗਏ ਉਮੀਦਵਾਰ ਰਣਧੀਰ ਸਿੰਘ ਭਾਰਜ ਦਾ ਅਚਾਨਕ ਦਿ*ਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸਮਾਜਿਕ ਹਲਕਿਆਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਜੁਲਾਈ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਚੋਣ ਅਤੇ ਚੋਣ ਪ੍ਰਚਾਰ ਦੀਆਂ ਤਿਆਰੀਆਂ ਵਿੱਚ ਰੁੱਝੀਆਂ ਹੋਈਆਂ ਸਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਰਗਰਮ ਆਗੂ ਅਤੇ ਯੂਥ ਵਿੰਗ ਦੇ ਹਲਕਾ ਇੰਚਾਰਜ ਰਣਧੀਰ ਸਿੰਘ ਭਾਰਜ ਨੂੰ ਵਾਰਡ ਨੰਬਰ 38 ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ।
ਰਣਧੀਰ ਸਿੰਘ ਭਾਰਜ ਪਾਰਟੀ ਦੇ ਯੂਥ ਵਿੰਗ ਵਿੱਚ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਸਨ ਅਤੇ ਕੋਰ ਕਮੇਟੀ ਦੇ ਮੈਂਬਰ ਵਜੋਂ ਵੀ ਲੰਬੇ ਸਮੇਂ ਤੋਂ ਸਰਗਰਮ ਰਹੇ। ਪਾਰਟੀ ਅੰਦਰ ਅਤੇ ਇਲਾਕੇ ਵਿੱਚ ਉਨ੍ਹਾਂ ਦੀ ਚੰਗੀ ਪਛਾਣ ਅਤੇ ਮਜ਼ਬੂਤ ਪਕੜ ਮੰਨੀ ਜਾਂਦੀ ਸੀ।
ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ, ਜਿਸ ਕਾਰਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰਕ ਮੈਂਬਰਾਂ ਅਤੇ ਨੇੜਲੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ।
ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ। ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਈ ਸਿਆਸੀ ਆਗੂਆਂ ਨੇ ਇਸ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।
ਨਗਰ ਨਿਗਮ ਚੋਣਾਂ ਤੋਂ ਠੀਕ ਪਹਿਲਾਂ ਹੋਏ ਇਸ ਅਚਾਨਕ ਦਿਹਾਂਤ ਨੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ। ਇੱਕ ਪਾਸੇ ਪਰਿਵਾਰ ਅਤੇ ਸਮਰਥਕ ਆਪਣੇ ਪ੍ਰਸਿੱਧ ਆਗੂ ਨੂੰ ਗੁਆਉਣ ਦੇ ਦੁੱਖ ਵਿੱਚ ਹਨ, ਦੂਜੇ ਪਾਸੇ ਪਾਰਟੀ ਨੂੰ ਚੋਣੀ ਰਣਨੀਤੀ ਅਤੇ ਉਮੀਦਵਾਰ ਚੋਣ ਸਬੰਧੀ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।














