Chandigarh 16 Dec 2025 AJ DI Awaaj
Chandigarh Desk : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਵੱਲੋਂ ਆਪਣੀ ਜ਼ਮਾਨਤ ਲਈ ਹੁਣ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੀ ਜਾ ਚੁੱਕੀ ਹੈ। ਹਾਈ ਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਹੁਣ ਉਨ੍ਹਾਂ ਨੇ ਦੇਸ਼ ਦੀ ਸਰਵੋਚ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਹੈ। ਫਿਲਹਾਲ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਲਿਸਟ ਨਹੀਂ ਹੋਇਆ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਬੰਦ ਹਨ। ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਕਾਫ਼ੀ ਚਰਚਾ ਚੱਲ ਰਹੀ ਹੈ।
ਹੁਣ ਸਭ ਦੀ ਨਜ਼ਰ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ’ਤੇ ਟਿਕੀ ਹੋਈ ਹੈ, ਜਿੱਥੇ ਇਹ ਫੈਸਲਾ ਹੋਵੇਗਾ ਕਿ ਮਜੀਠੀਆ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਮਿਲਦੀ ਹੈ ਜਾਂ ਨਹੀਂ।














