ਬਠਿੰਡਾ, 23 ਜੂਨ 2026 AJ DI Awaaj
Punjab Desk : ਬਠਿੰਡਾ ਦੇ ਵਿਸ਼ਾਲ ਨਗਰ ਇਲਾਕੇ ਵਿੱਚ ਸਥਿਤ ਭਾਜਪਾ ਆਗੂ ਅਤੇ ਪ੍ਰਸਿੱਧ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਸੋਮਵਾਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਅੱਗਜ਼ਨੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰ ਕਲੀਨਿਕ ਦੇ ਬਾਹਰ ਪੈਟਰੋਲ ਨਾਲ ਭਰੇ ਪੈਕਟ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਸਮੇਂ ਸਿਰ ਘਟਨਾ ਦਾ ਪਤਾ ਲੱਗ ਜਾਣ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਡਾ. ਤਰਸੇਮ ਗਰਗ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਹ*ਮਲਾ*ਵਰਾਂ ਦੀ ਪਛਾਣ ਲਈ ਕਲੀਨਿਕ ਅਤੇ ਆਸ-ਪਾਸ ਦੇ ਕਾਰੋਬਾਰਕ ਅਦਾਰਿਆਂ ਦੀ ਰਿਕਾਰਡਿੰਗ ਖੰਗਾਲੀ ਜਾ ਰਹੀ ਹੈ।
ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਦੇ ਪਿੱਛੇ ਕੋਈ ਨਿੱਜੀ ਰੰਜਿਸ਼, ਰਾਜਨੀਤਿਕ ਵਿਵਾਦ ਜਾਂ ਹੋਰ ਕੋਈ ਕਾਰਨ ਤਾਂ ਨਹੀਂ। ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕਰ ਦਿੱਤੇ ਗਏ ਹਨ।














