ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਚੂਹੇਵਾਲ ਵਿਚ

24

ਬਟਾਲਾ, 16 ਮਈ 2025 Aj Di awaaj

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਰਕਬਾ ਵਧਾਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਬਲਾਕ ਬਟਾਲਾ ਦੇ ਪਿੰਡ ਚੂਹੇਵਾਲ ਵਿਚ ਲਗਾਇਆ ਗਿਆ । ਸ੍ਰੀ ਸੁਖਜਿੰਦਰ ਸਿੰਘ ਖੇਤੀ ਵਿਸਥਾਰ ਅਫ਼ਸਰ ਦੇ ਪ੍ਰਬੰਧਾਂ ਹੇਠ ਲਗਾਏ ਕੈਂਪ ਦੀ ਪ੍ਰਧਾਨਗੀ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ।

ਇਸ ਮੌਕੇ ਡਾਕਟਰ ਪਰਮਬੀਰ ਸਿੰਘ ਕਾਹਲੋਂ, ਖੇਤੀਬਾੜੀ ਅਫਸਰ ਬਟਾਲਾ, ਡਾਕਟਰ ਬਲਜਿੰਦਰ ਸਿੰਘ ਖੇਤੀਬਾੜੀ ਅਫਸਰ, ਗੁਰਦਾਸਪੁਰ , ਡਾ. ਸੰਦੀਪ ਸਿੰਘ ਖ਼ੇਤੀਬਾੜੀ ਅਫਸਰ,ਡਾਕਟਰ ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ, ਨਵਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕੀਤੀ ਗਈ।

ਕਿਸਾਨਾਂ ਨੂੰ ਸੰਬੋਧਨ ਕਰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੇ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ 2500 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ ਅਤੇ ਝੋਨੇ ਦੀ ਬਿਜਾਏ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੁੰ ਪ੍ਰਤੀ ਹੈਕ. 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ।  ਉਨਾਂ ਦਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ  ਬਲਾਕ ਦੀਨਾਨਗਰ, ਗੁਰਦਾਸਪੁਰ, ਕਾਹਨੂੰਵਾਨ , ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿਚ 2500 ਹੈਕ ਰਕਬਾ ਝੋਨੇ ਦੀ ਖੇਤੀ ਹੇਠੋਂ ਕਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਡਾਕਟਰ ਬਲਜਿੰਦਰ  ਸਿੰਘ  ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਡਾ. ਜਰਮਨਜੀਤ ਸਿੰਘ ਖੇਤੀਬਾੜੀ ਅਫਸਰ, ਗੁਰਦਾਸਪੁਰ ਨੇ ਮੱਕੀ ਦੀ ਕਾਸ਼ਤ ਬਾਰੇ ,ਡਾਕਟਰ ਸੰਦੀਪ ਸਿੰਘ ਨੇ ਝੋਨੇ ਦੀ ਕਾਸ਼ਤ ਬਾਰੇ ਅਤੇ ਡਾਕਟਰ ਦਿਲਰਾਜ ਸਿੰਘ ਨੇ ਪੀ ਐਮ ਕਿਸਾਨ ਸਨਮਾਨ ਨਿਧੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਅਖੀਰ ਵਿੱਚ ਡਾ. ਪਰਮਬੀਰ ਸਿੰਘ ਕਾਹਲੋ ਖੇਤੀਬਾੜੀ ਅਫਸਰ, ਬਟਾਲਾ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।