ਨੰਗਲ 05 ਦਸੰਬਰ 2026 Aj DI Awaaj
Punjab Desk : ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਭਾਗ ਲਿਆ।
ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਹਲਕਾ ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂਆਂ ਦੀ ਬਖ਼ਸ਼ਿਸ਼ ਨਾਲ ਹੀ ਸੇਵਾ ਦਾ ਮੌਕਾ ਮਿਲਦਾ ਹੈ ਅਤੇ ਸੇਵਾ-ਭਾਵਨਾ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ।
ਬੀਰ ਕੌਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਾਵਨ ਪਾਠ ਗੁਰੂ ਸਾਹਿਬ ਦੀ ਕਿਰਪਾ ਨਾਲ ਪਾਰਟੀ ਅਤੇ ਇਲਾਕੇ ਨੂੰ ਮਿਲੀ ਸਫਲਤਾ ਦੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੀ ਭਲਾਈ, ਇਮਾਨਦਾਰ ਸਿਆਸਤ ਅਤੇ ਵਿਕਾਸ ਲਈ ਵਚਨਬੱਧ ਹੈ।
ਸਮਾਗਮ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ, ਜਿਸ ਵਿੱਚ ਹਰ ਵਰਗ ਦੇ ਲੋਕਾਂ ਨੇ ਬੜੀ ਸ਼ਰਧਾ ਨਾਲ ਸੇਵਾ ਕੀਤੀ। ਪਿੰਡ ਵਾਸੀਆਂ ਨੇ ਇਸ ਧਾਰਮਿਕ ਸਮਾਗਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਕਾਰਜ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।














