ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕਲਾਨੌਰ ਅਤੇ ਗੁਰਦਾਸਪੁਰ ਦਾ ਦੌਰਾ

10
ਗੁਰਦਾਸਪੁਰ, 10 ਮਈ 2025 AJ Di Awaaj
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਬੀਤੀ ਸ਼ਾਮ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕਲਾਨੌਰ ਅਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਸ੍ਰੀ ਸੋਹੇਲ ਕਾਸਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲ ਕਲਾਨੌਰ ਦਾ ਦੌਰਾ ਕਰਕੇ ਓਥੇ ਐਮਰਜੈਂਸੀ ਹਾਲਤਾਂ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ.ਐੱਮ.ਓ. ਕਲਾਨੌਰ ਨੇ ਦੱਸਿਆ ਕਿ ਸੀ.ਐੱਚ.ਸੀ. ਕਲਾਨੌਰ ਵਿਖੇ 38 ਬੈੱਡ ਦੀ ਸਹੂਲਤ ਉਪਲੱਬਧ ਹੈ ਅਤੇ ਨਾਲ ਹੀ ਐਮਰਜੈਂਸੀ ਲਈ ਸਾਰੀਆਂ ਸਹੂਲਤਾਂ ਉਪਲੱਬਧ ਹਨ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਹਸਪਤਾਲ ਵਿੱਚ ਵੀ 50 ਬੈੱਡ ਦੀ ਸਹੂਲਤ ਤੇ ਐਮਰਜੈਂਸੀ ਸਹੂਲਤਾਂ ਮੌਜੂਦ ਹਨ। ਏਸੇ ਤਰ੍ਹਾਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਅਤੇ ਸਿਵਲ ਹਸਪਤਾਲ ਬਟਾਲਾ ਵਿੱਚ ਵੀ ਐਮਰਜੈਂਸੀ ਸੇਵਾਵਾਂ ਪੂਰੀ ਤਰਾਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਖ਼ੂਨ ਦੀ ਉਪਲਬਧਤਾ ਮੌਜੂਦ ਹੈ। ਇਸ ਤੋਂ ਬਾਅਦ ਦੋਵਾਂ ਮੰਤਰੀ ਸਾਹਿਬਾਨ ਵੱਲੋਂ ਫਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕਰਕੇ ਓਥੇ ਹੰਗਾਮੀ ਮੌਕੇ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਕੀਤੇ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਰ ਕੀਤੀ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਐਮਰਜੈਂਸੀ ਹਾਲਤਾਂ ਨਾਲ ਨਿਪਟਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਵਿੱਚ ਰਾਤ ਸਮੇਂ ਬਲੈਕ-ਆਊਟ ਜਾਰੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਹੰਗਾਮੀ ਹਾਲਤ ਤੋਂ ਬਚਣ ਲਈ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਹੋਰ ਤਿਆਰੀਆਂ ਬਾਰੇ ਵਿਸਥਾਰ ਵਿੱਚ ਦੱਸਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਉਹ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪਹੁੰਚੇ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫਾਇਰ ਸਟੇਸ਼ਨਾਂ, ਹਸਪਤਾਲਾਂ, ਰਾਸ਼ਨ ਡੀਪੂਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਕੇ ਇਹ ਯਕੀਨ ਬਣਾਇਆ ਜਾਵੇਗਾ ਕਿ ਸਰਹੱਦੀ ਖੇਤਰ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
 ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਹੱਦ ‘ਤੇ ਵਧ ਰਹੇ ਤਣਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸਰਹੱਦੀ ਲੋਕਾਂ ਦਾ ਰਿਣੀ ਹੈ ਕਿਉਂਕਿ ਸੂਬੇ ਦੇ ਸਰਹੱਦੀ ਇਲਾਕੇ ਦੇ ਲੋਕਾਂ ਨੇ ਹਰ ਔਖੀ ਘੜੀ ਵਿੱਚ ਆਪਣੇ ਦੇਸ਼ ਅਤੇ ਫ਼ੌਜ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਸੂਬਾ ਸਗੋਂ ਪੂਰਾ ਦੇਸ਼ ਇਨ੍ਹਾਂ ਲੋਕਾਂ ਦੀ ਹਿੰਮਤ, ਜਜ਼ਬੇ ਅਤੇ ਦੇਸ਼ ਭਗਤੀ ਲਈ ਰਿਣੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਰਹੇ ਤਣਾਅ ਦੇ ਮੱਦੇਨਜ਼ਰ ਸੂਬਾ ਸਰਕਾਰ ਇਨ੍ਹਾਂ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਮੇਸ਼ਾਂ ਨਾਲ ਹੈ ਅਤੇ ਇਸ ਤਣਾਅਪੂਰਨ ਮਹੌਲ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਗੱਲੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
 ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਘਬਰਾਹਟ ਦੀ ਸਥਿਤੀ ਪੈਦਾ ਹੋਣ ਤੋਂ ਬਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀ ਸਥਿਤੀ ਉੱਪਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਸਥਿਤੀ ਵਿੱਚ ਜਮ੍ਹਾਂਖੋਰੀ ਨਾਲ ਕਮੀ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਦੀਆਂ ਪੂਰੀਆਂ ਤਿਆਰੀਆਂ ਹਨ ਅਤੇ ਸਾਰੀ ਸਰਕਾਰੀ ਮਸ਼ੀਨਰੀ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਰੀ ਸਥਿਤੀ ਉੱਪਰ ਖ਼ੁਦ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਤਿਆਰ ਹਨ ਅਤੇ ਇਸਦੇ ਨਾਲ ਹੀ ਫਾਇਰ ਬ੍ਰਿਗੇਡ ਸਮੇਤ ਸਾਰੀਆਂ ਐਮਰਜੈਂਸੀ ਸੇਵਾਵਾਂ ਵੀ ਪੂਰੀ ਤਰਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ। ਓਨਾਂ ਕਿਹਾ ਕਿ ਮਾਨ ਸਰਕਾਰ ਇਸ ਮੌਕੇ ਆਪਣੇ ਲੋਕਾਂ ਦੇ ਨਾਲ ਹੈ।