ਗੁਰਦਾਸਪੁਰ, 23 ਮਈ 2025 AJ DI Awaaj
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਧਾਵੇ ਤੇ ਭੈਣੀ ਕਾਣੇ ਵਿਖੇ ਪਹੁੰਚੀ ਜਿਸ ਦੀ ਅਗਵਾਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤੀ ਗਈ। ਨਸ਼ਾ ਮੁਕਤੀ ਯਾਤਰਾ ਤਹਿਤ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਜਿਸ ਦੌਰਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਕੇ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ ਗਿਆ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਮੁਹਿੰਮ ਨੂੰ ਇਕ ਮੀਲ ਪੱਥਰ ਕਰਾਰ ਦਿੱਤਾ, ਜੋ ਨਸ਼ਿਆਂ ਦੀ ਸਮੱਸਿਆ ’ਤੇ ਆਖ਼ਰੀ ਵਾਰ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨੂੰ ਜਨਤਾ ਅਤੇ ਸਰਕਾਰ ਵਿਚਾਲੇ ਇਕ ਪੁਲ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੇ ਨਸ਼ੇ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜਿਆ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੁਣ ਲੋਕਾਂ ਦੀ ਵੀ ਜ਼ਿੰਮੇਵਾਰੀ ਹੈ ਕਿ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਨੂੰ ਮੁੜ ਸਮਾਜ ਨਾਲ ਜੋੜਨ ਵਿੱਚ ਸਹਿਯੋਗ ਕਰਨ।
ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਾਈ, ਜਿੱਥੇ ਵੱਡੀ ਗਿਣਤੀ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਨਾ ਕਰਨ, ਨਸ਼ਿਆਂ ਦੀ ਵਰਤੋਂ ਨਾ ਕਰਨ ਦੇਣ, ਨਸ਼ਿਆਂ ਦੀ ਵਿੱਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਦਦ ਕਰਨ ਦਾ ਪ੍ਰਣ ਲਿਆ
