ਸ. ਚੀਮਾ ਨੇ ਕਿਹਾ ਕਿ ਪੇਂਡੂ ਸੜਕਾਂ ਸਿਰਫ਼ ਆਵਾਜਾਈ ਦਾ ਸਾਧਨ ਨਹੀਂ, ਸਗੋਂ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਬਿਹਤਰ ਸੜਕੀ ਸੰਪਰਕ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਆਸਾਨੀ ਹੁੰਦੀ ਹੈ, ਜਦਕਿ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਵੀ ਸੁਖਾਲੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਲਾਡਬੰਜਾਰਾ ਕਲਾਂ ਵਿਖੇ 5 ਕਰੋੜ 22 ਲੱਖ 64 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿੰਨ ਸੜਕਾਂ ਦੇ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਡਬੰਜਾਰਾ ਤੋਂ ਸ਼ਾਦੀਹਰੀ ਤੱਕ 3.75 ਕਿਲੋਮੀਟਰ ਸੜਕ ’ਤੇ 148.41 ਲੱਖ ਰੁਪਏ, ਲਾਡਬੰਜਾਰਾ ਤੋਂ ਨਿਹਾਲਗੜ੍ਹ ਤੱਕ 2.40 ਕਿਲੋਮੀਟਰ ਸੜਕ ’ਤੇ 123.80 ਲੱਖ ਰੁਪਏ ਅਤੇ ਲਾਡਬੰਜਾਰਾ ਤੋਂ ਖੇਤਲਾ ਤੱਕ 4 ਕਿਲੋਮੀਟਰ ਸੜਕ ’ਤੇ 250.43 ਲੱਖ ਰੁਪਏ ਖਰਚ ਕੀਤੇ ਗਏ ਹਨ।
ਇਸੇ ਤਰ੍ਹਾਂ ਤੂਰਬੰਜਾਰਾ ਵਿਖੇ 3 ਕਰੋੜ 92 ਲੱਖ 65 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਸੜਕੀ ਪ੍ਰੋਜੈਕਟ ਪੂਰੇ ਕੀਤੇ ਗਏ ਹਨ। ਇਨ੍ਹਾਂ ਵਿੱਚ ਤੂਰਬੰਜਾਰਾ ਤੋਂ ਦਿੜ੍ਹਬਾ ਤੱਕ 2.80 ਕਿਲੋਮੀਟਰ ਸੜਕ ’ਤੇ 168.47 ਲੱਖ ਰੁਪਏ ਅਤੇ ਤੂਰਬੰਜਾਰਾ ਤੋਂ ਗੁੱਜਰਾਂ ਤੱਕ 4 ਕਿਲੋਮੀਟਰ ਸੜਕ ’ਤੇ 224.18 ਲੱਖ ਰੁਪਏ ਦੀ ਲਾਗਤ ਆਈ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੰਜ ਪ੍ਰੋਜੈਕਟਾਂ ਨਾਲ ਕਰੀਬ 16.95 ਕਿਲੋਮੀਟਰ ਸੜਕੀ ਨੈੱਟਵਰਕ ਹੋਰ ਮਜ਼ਬੂਤ ਹੋਇਆ ਹੈ। ਇਸ ਨਾਲ ਇਲਾਕੇ ਦੇ ਪਿੰਡਾਂ ਵਿਚਕਾਰ ਆਵਾਜਾਈ ਅਤੇ ਸੰਪਰਕ ਵਿੱਚ ਸੁਧਾਰ ਹੋਵੇਗਾ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸ ਨੀਤੀ ਦੇ ਕੇਂਦਰ ਵਿੱਚ ਆਮ ਲੋਕ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰੀ ਖ਼ਜ਼ਾਨੇ ਦੀ ਸੁਚੱਜੀ ਵਰਤੋਂ ਕਰਦਿਆਂ ਲੋਕ-ਹਿੱਤ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਸ. ਚੀਮਾ ਨੇ ਕਿਹਾ ਕਿ ਮਜ਼ਬੂਤ ਸੜਕੀ ਢਾਂਚਾ ਪੇਂਡੂ ਖੇਤਰਾਂ ਵਿੱਚ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਲੋੜਾਂ ਅਤੇ ਲੋਕਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।



















