ਪਿੰਡਾਂ ਦੇ ਵਿਕਾਸ ਕਾਰਜਾਂ ਲਈ 9 ਕਰੋੜ ਰੁਪਏ ਦੀ ਗਰਾਂਟ ਦੇ ਚੈੱਕ ਵੰਡੇ

3

ਹੁਸ਼ਿਆਰਪੁਰ, 16 ਸਤੰਬਰ 2026 AJ DI Awaaj

Punjab Desk   : ਪੰਜਾਬ ਦੇ ਜੇਲਾਂ, ਪ੍ਰਵਾਸੀ ਭਾਰਤੀ ਮਾਮਲੇ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣ ਲਈ ਗਰਾਂਟਾਂ ਵਜੋਂ 9 ਕਰੋੜ ਰੁਪਏ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਅਤੇ ਇਕਸਾਰ ਵਿਕਾਸ ਲਈ ਜੰਗੀ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾ ਸਕੇ।
ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਸੌਂਪਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 76 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਘਰ ਬਣਾਉਣ ਲਈ ਮਦਦ ਕੀਤੀ ਗਈ ਜਿਨ੍ਹਾਂ ਵਿਚ 30 ਹਜ਼ਾਰ ਪਰਿਵਾਰ ਹੜ੍ਹ ਪ੍ਰਭਾਵਿਤ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ 40 ਹਜ਼ਾਰ ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਵੀ ਪੂਰੀ ਰਫ਼ਤਾਰ ’ਤੇ ਜਾਰੀ ਹੈ ਜਿਨ੍ਹਾਂ ਦੀ ਅਗਲੇ ਪੰਜ ਸਾਲ ਤੱਕ ਦੇਖਭਾਲ ਦੀ ਗਰੰਟੀ ਵੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ਼-ਸਫ਼ਾਈ ਅਤੇ ਮੁੱਢਲੀਆਂ ਸਹੂਲਤਾਂ ਉਪਲਬੱਧ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ ਜਿਸ ਦਾ ਪਿੰਡਾਂ ਦੇ ਵਸਨੀਕਾਂ ਨੂੰ ਬੇਹੱਦ ਲਾਭ ਹੋਇਆ ਹੈ।
ਕੈਬਨਿਟ ਮੰਤਰੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਤਾਕੀਦ ਕੀਤੀ ਕਿ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਰੈਗੂਲਰ ਸਮੀਖਿਆ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਕੰਮਾਂ ਦਾ ਉਚ ਪੱਧਰੀ ਮਿਆਰ ਅਤੇ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ 13,400 ਤੋਂ ਵੱਧ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨੂੰ ਅਮਲੀਜਾਮਾ ਪਹਿਨਾਉਂਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਪਿੰਡਾਂ ਵਿਚ ਮੰਡੀਆਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ ਜਿਥੇ 664 ਕਵਰਸ਼ੈੱਡ ਅਤੇ 36 ਮੰਡੀਆਂ ਵਿਚ ਸੋਲਰ ਪੈਨਲ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੰਦਿਆਂ ਪਿੰਡਾਂ ਦੀ ਨੁਹਾਰ ਬਦਲੀ ਹੈ ਜਿਸ ਦੀ ਪਿੰਡਾਂ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਦੂਰ-ਦੁਰਾਡੇ ਦੇ ਪਿੰਡਾਂ ਵਿਚ ਵੀ ਨਹਿਰੀ ਪਾਣੀ ਰਾਹੀਂ ਸਿੰਚਾਈ ਜ਼ਰੂਰਤਾਂ ਪੂਰੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਇਆ ਹੈ। ਇਸ ਮੌਕੇ ਸਰਪੰਚ ਨੀਲਮ ਮਿੱਠੇਵਾਲ, ਸਰਪੰਚ ਅੰਜਲੀ ਕਬੀਰਪੁਰ ਸ਼ੇਖਾਂ, ਸਰਪੰਚ ਗੁਰਜੀਤ ਖਾਨਪੁਰ, ਸਰਪੰਚ ਮਾਈਕਲ ਕੱਤੋਵਾਲ, ਸਰਪੰਚ ਖਾਨਪੁਰ ਥਿਆੜਾ, ਸਰਪੰਚ ਪ੍ਰਵੀਨ ਕੁਮਾਰੀ, ਸਰਪੰਚ ਸੁਖਜੀਤ ਕੌਰ, ਸਰਪੰਚ ਅਮਨਦੀਪ ਸਿੰਘ, ਸਰਪੰਚ ਕ੍ਰਿਸ਼ਨਾ ਆਦੋਵਾਲ, ਪੰਚ ਰਜਵੰਤ ਕੌਰ ਡਗਾਣਾ ਖੁਰਦ ਵੀ ਮੌਜੂਦ ਸਨ।