ਕਰਤਾਰਪੁਰ ਲਾਂਘਾ ਖੋਲ੍ਹਣ ਲਈ CM ਮਾਨ ਦੀ PM ਮੋਦੀ ਨੂੰ ਅਪੀਲ

10

ਚੰਡੀਗੜ੍ਹ: 17 Nov 2026 AJ DI Awaaj

Chandigarh Desk :    ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੱਖਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਤੁਰੰਤ ਖੋਲ੍ਹਿਆ ਜਾਵੇ।

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਬਿਤਾਇਆ ਸੀ। ਇਸ ਲਈ ਸੰਗਤ ਨੂੰ ਉੱਥੇ ਨਤਮਸਤਕ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਦੂਜੇ ਪਾਸੇ, ‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਬਾਬਾ ਨਾਨਕ ਵਿਖੇ ਕਿਹਾ ਕਿ ਹਰ ਮਹੀਨੇ ਦੀ 15 ਤਾਰੀਖ ਨੂੰ ਸਿੱਖ ਸ਼ਰਧਾਲੂ ਲਾਂਘਾ ਖੋਲ੍ਹਣ ਲਈ ਅਰਦਾਸ ਕਰਦੇ ਹਨ, ਪਰ ਇਸ ਦੇ ਬਾਵਜੂਦ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।

ਧਾਲੀਵਾਲ ਨੇ ਕੇਂਦਰ ਸਰਕਾਰ ਦੇ ਸੁਰੱਖਿਆ ਕਾਰਨਾਂ ਵਾਲੇ ਤਰਕ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਪਾਕਿਸਤਾਨ ਨਾਲ ਵਪਾਰਕ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ ਤਾਂ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਲਾਂਘਾ ਬੰਦ ਰੱਖਣ ਦੇ ਫੈਸਲੇ ਨੂੰ ਸਿਆਸੀ ਕਰਾਰ ਦਿੰਦਿਆਂ ਭਾਜਪਾ ਸਰਕਾਰ ‘ਤੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਪੱਖਪਾਤ ਕਰਨ ਦੇ ਦੋਸ਼ ਲਗਾਏ।

‘ਆਪ’ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਦੀ ਸੰਗਤ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।