ਬਰਨਾਲਾ, 12 ਨਵੰਬਰ 2026 AJ DI Awaaj
Punjab Desk : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐੱਸ. ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿੱਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ, ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁੜੇਕੇ ਕਲਾਂ, ਸਰਕਾਰੀ ਹਾਈ ਸਕੂਲ ਚੁਹਾਨਕੇ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ, ਸ਼ਹੀਦ ਸਿਪਾਹੀ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਤੇ ਸਰਕਾਰੀ ਹਾਈ ਸਕੂਲ ਉੱਪਲੀ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਸਬੰਧੀ ਸਕੂਲਾਂ ਵਿੱਚ ਵੱਖ-ਵੱਖ ਢੰਗਾਂ ਨਾਲ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੀ ਵਿਦਿਆਰਥੀਆਂ ਦੇ ‘ਚੋਣਾਂ ਦੀ ਮਹੱਹਤਾ, ਸ਼ੁੱਧ ਵੋਟਰ ਸੂਚੀ ਦੀ ਮਹੱਹਤਾ, ਵੋਟ ਦੀ ਮਹੱਤਤਾ ਆਦਿ ਵਿਸ਼ਿਆਂ ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਫਾਰਮ ਨੰਬਰ 6 ਭਰਨ ਦੀ ਪ੍ਰਕਿਰਿਆ ਅਤੇ ਨਵੀਂ ਵੋਟ ਬਣਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਹੋਰ ਯੋਗ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਲੋਕਤੰਤਰਿਕ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਯੋਗ ਨੌਜਵਾਨ ਅਜੇ ਤੱਕ ਵੋਟਰ ਵਜੋਂ ਰਜਿਸਟਰ ਨਹੀਂ ਹੋਏ, ਉਹ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਆਪਣੀ ਵੋਟ ਜ਼ਰੂਰ ਬਣਵਾਉਣ।



















