ਜ਼ਿਲਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਖੂੰਹਦ ਵਿੱਚ ਰੀਪਰ ਚਲਾਉਣ ‘ਤੇ ਪੂਰਨ ਪਾਬੰਦੀ

17
ਫ਼ਿਰੋਜ਼ਪੁਰ, 13 ਸਤੰਬਰ 2025 AJ DI Awaaj
Punjab Desk : ਪੰਜਾਬ ਸਰਕਾਰ ਦੇ ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਖੂੰਹਦ ਵਿੱਚ ਰੀਪਰ ਚਲਾਉਣ ‘ਤੇ ਪੂਰਨ ਪਾਬੰਦੀ ਲਗਾਈ ਹੈ। ਪ੍ਰੰਤੂ ਜਿਨ੍ਹਾਂ ਕਿਸਾਨਾ ਵੱਲੋਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਤੇ ਗੰਠਾ (Bales) ਬਣਾਈਆਂ ਜਾਣੀਆਂ ਹਨ, ਉਹਨਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ।
ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮਤੌਰ’ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਵਿੱਚ ਕੁਝ ਕਿਸਾਨਾਂ ਵੱਲੋ ਰੀਪਰ ਚਲਾ ਕੇ ਪਰਾਲੀ ਦੀ ਰਹਿੰਦ ਖੂੰਹਦ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਇਸ ਨੂੰ ਅੱਗ ਲਗਾਉਣ ਨਾਲ ਬਹੁਤ ਜਿੱਥੇ ਜਿਆਦਾ ਧੂੰਆਂ ਪ੍ਰਦੂਸ਼ਣ ਫੈਲਦਾ ਹੈ ਉਥੇ ਧੂੰਏ ਕਾਰਨ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਰੀਪਰ ਮਾਰ ਕੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਲੇ ਦੁਆਲੇ ਦੇ ਖੇਤਾਂ ਵਿੱਚ ਖੜ੍ਹੀ ਫਸਲ ਅਤੇ ਦਰੱਖਤ ਵੀ ਅੱਗ ਲੱਗਣ ਨਾਲ ਸੜ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਮਾਹਿਰਾਂ ਦਾ ਇਹ ਕਹਿਣਾ ਹੈ ਇਸ ਤਰ੍ਹਾਂ ਦੇ ਵਾਤਾਵਰਣ ਵਿੱਚ ਵਿਅਕਤੀਆਂ ਨੂੰ ਸਾਹ ਲੈਣ ਵਿੱਚ ਸਮੱਸਿਆ ਆਉਂਦੀ ਹੈ ਜਿਸ ਦਾ ਸਿੱਧਾ ਅਸਰ ਫੇਫੜਿਆਂ ਤੇ ਹੁੰਦਾ ਹੈ। ਜੇਕਰ ਮੌਜੂਦਾ ਹਾਲਾਤਾਂ ਦੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਫਿਰ ਉਸ ਧੂੰਏ ਨਾਲ ਬਿਰਧ ਵਿਅਕਤੀਆਂ, ਦਮਾ, ਸ਼ੂਗਰ,ਦਿਲ ਦੇ ਮਰੀਜ਼, ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਅਤੇ ਛੋਟੇ ਬੱਚਿਆਂ ਤੇ ਇਸਦਾ ਹੋਰ ਮਾੜਾ ਅਸਰ ਪਵੇਗਾ ਅਤੇ ਇਸ ਪਰਾਲੀ ਦਾ ਧੂਆਂ ਘਾਤਕ ਸਿੱਧ ਹੁੰਦੇ ਹੋਏ ਵੱਡਮੁੱਲੀਆਂ ਜਾਨਾਂ ਵੀ ਲਵੇਗਾ। ਇਸ ਲਈ ਉਪਰੋਕਤ ਤੱਥਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਸਖ਼ਤੀ ਨਾਲ ਰੋਕਣ ਦੀ ਜਰੂਰਤ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 02 ਮਹੀਨੇ ਤੱਕ ਲਾਗੂ ਰਹੇਗਾ।