ਮਾਲੇਰਕੋਟਲਾ, 14 ਨਵੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਨੁਹਾਰ ਬਦਲਣ ਲਈ ਲਗਾਤਾਰ ਤਤਪਰ ਹੈ। ਇਸ ਮੁਹਿੰਮ ਤਹਿਤ ਨਸ਼ਾ ਸੇਵਨ ਲਈ ਵਰਤੀਆਂ ਜਾਂਦੀਆਂ ਥਾਵਾਂ ਨੂੰ ਮੁੜ ਸੁਰਜੀਤ ਕਰਕੇ ਖੇਡ ਮੈਦਾਨਾਂ ਅਤੇ ਉਸਾਰੂ ਗਤੀਵਿਧੀਆਂ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਐੱਸ.ਡੀ.ਐੱਮ. ਮਾਲੇਰਕੋਟਲਾ ਕਨੂੰ ਗਰਗ ਅਤੇ ਡੀ.ਐੱਸ.ਪੀ. ਮਾਨਵਜੀਤ ਸਿੰਘ ਵੱਲੋਂ ਵਾਰਡ ਨੰਬਰ 8, ਕਿਲ੍ਹਾ ਰਹਿਮਤਗੜ੍ਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਸਥਾਨਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਅਜਿਹੀਆਂ ਥਾਵਾਂ ਦੀ ਨਸ਼ਾ ਸੇਵਨ ਲਈ ਹੋ ਰਹੀ ਦੁਰਵਰਤੋਂ ਨੂੰ ਰੋਕਣ ਦੇ ਨਾਲ-ਨਾਲ ਇਨ੍ਹਾਂ ਨੂੰ ਨੌਜਵਾਨਾਂ ਲਈ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਦੇ ਕੇਂਦਰਾਂ ਵਜੋਂ ਵਿਕਸਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਅਤੇ ਉਸਾਰੂ ਮੌਕੇ ਪ੍ਰਦਾਨ ਕਰਨਾ ਵੀ ਬੇਹੱਦ ਜ਼ਰੂਰੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਹੌਟਸਪੌਟ ਇਲਾਕਿਆਂ ਦੀ ਲਗਾਤਾਰ ਨਿਗਰਾਨੀ ਅਤੇ ਸੁਧਾਰ ਲਈ ਯਤਨ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਥਾਵਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਬਦਲ ਕੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ।



















