ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ

42

 ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ 2025 AJ DI Awaaj

Punjab Desk : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪਿੰਡ ਅਤੇ ਵਾਰਡ ਪੱਧਰ ’ਤੇ ਬਣਾਈਆਂ ਗਈਆਂ ਵੀ.ਡੀ.ਸੀ. ਕਮੇਟੀਆਂ ਦੀ ਟਰੇਨਿੰਗ ਲਈ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਅਹੁਦੇਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਨਸ਼ਾ ਵਿਸ਼ਵ ਵਿਆਪੀ ਸਮੱਸਿਆ ਹੈ ਜੋ ਕੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸਾਸ਼ਨ ਦੇ ਨਾਲ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਰਡ ਜਾਂ ਪਿੰਡ ਵਿੱਚ ਕਿਸੇ ਨੂੰ ਵੀ ਨਸ਼ੇ ਸਬੰਧੀ ਜਾਂ ਨਸ਼ਾ ਤਸਕਰ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਅਤੇ ਸੂਚਨਾ ਦੇਣ ਵਾਲੇ ਦੀ ਜਾਣਕਾਰੀ  ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਹੋਈਆਂ ਹਨ, ਵੱਡੀਆਂ ਰਿਕਵਰੀਆਂ ਹੋਈਆਂ ਹਨ ਅਤੇ ਇਸ ਕੰਮ ਵਿੱਚ ਸਿਵਲ ਪ੍ਰਸ਼ਾਸ਼ਨ ਦਾ ਪੁਲਿਸ ਨੂੰ ਵੱਡਾ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਡਿਫੈਂਸ ਕਮੇਟੀਆਂ ਦੇ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਜਾਣਕਾਰੀ ਲੈਣਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਜੋ ਬਲਾਕ ਕੋਆਰਡੀਨੇਟਰ ਹਨ, ਉਨ੍ਹਾਂ ਨੂੰ ਐਪ ਦੇ ਜ਼ਰੀਏ ਟ੍ਰੇਨਿੰਗ ਦਿੱਤੀ ਗਈ ਹੈ। ਜੋ ਕੋਆਰਡੀਨੇਟਰ ਹਨ, ਉਹ ਐਪ ਨੂੰ ਆਪਣੇ ਮੋਬਾਇਲ ਫੋਨ ਵਿੱਚ ਇੰਸਟਾਲ ਕਰਕੇ ਨਸ਼ਿਆਂ ਸਬੰਧੀ ਜਾਂ ਨਸ਼ਾ ਤਸਕਰਾਂ ਸਬੰਧੀ ਸ਼ਿਕਾਇਤ ਨੂੰ ਆਨਲਾਈਨ ਦਰਜ ਕਰਵਾ ਸਕਦੇ ਹਨ ਅਤੇ ਸ਼ਿਕਾਇਤ ਕਰਨ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸਾਸ਼ਨ ਅਤੇ ਇਨ੍ਹਾਂ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਦੇ ਖਾਤਮੇ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ  ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਜਿਲ੍ਹੇ ਦੀਆਂ ਪੇਂਡੂ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ ਦੀ ਪ੍ਰਸ਼ੰਸ਼ਾ ਕੀਤੀ, ਜਿੰਨ੍ਹਾਂ ਨੇ ਇਸ ਮੁਹਿੰਮ ਵਿੱਚ ਉਸਾਰੂ ਰੋਲ ਅਦਾ ਕਰਕੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਚੁੱਕਿਆ ਹੈ, ਜਿਸ ਤਹਿਤ ਵੱਡੀ ਪੱਧਰ ’ਤੇ ਗ੍ਰਿਫਤਾਰੀਆਂ, ਨਸ਼ਿਆਂ ਦੀ ਰਿਕਵਰੀ, ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਤੋਂ ਇਲਾਵਾ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੁਣ ਅੰਜਾਮ ਤੇ ਲਿਜਾਣ ਲਈ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਪੇਂਡੂ ਰੱਖਿਆ ਕਮੇਟੀਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਨੇ ਹੁਣ ਤੱਕ ਸਮਾਜ ਦਾ ਜਾਨੀ, ਮਾਲੀ ਤੇ ਸਮਾਜਿਕ ਪੱਧਰ ’ਤੇ ਨੁਕਸਾਨ ਕੀਤਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਦੇ ਖਾਤਮੇ ਲਈ ਇੱਕਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ, ਵਾਰਡ ਪੱਧਰ ਤੇ ਟੀਮਾਂ ਦਾ ਗਠਨ ਹੋ ਚੁੱਕਾ ਹੈ ਤੇ ਸਾਨੂੰ ਇਸ ਦੇ ਵਧੀਆ ਨਤੀਜੇ ਦੇਣੇ ਚਾਹੀਦੇ ਹਨ ਤਾਂ ਜੋ ਇਸ ਅਲਾਮਤ ਨੂੰ ਜੜ੍ਹੋ ਖਤਮ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਉਪ-ਮੰਡਲ ਮੈਜਿਸਟ੍ਰੇਟ, ਮਲੋਟ ਜੁਗਰਾਜ ਸਿੰਘ ਕਾਹਲੋਂ, ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐਚ) ਰਾਜਨ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਿਵਾਨੀ ਨਾਗਪਾਲ, ਹਲਕਾ ਕੋਆਰਡੀਨੇਟਰ ਮਲੋਟ ਬਲਰਾਜ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋ ਦਾਸ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਜਗਸੀਰ ਸਿੰਘ, ਹਲਕਾ ਕੋਰਆਰਡੀਨੇਟਰ ਲੰਬੀ ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਦਿਲਬਾਗ ਸਿੰਘ ਪੰਨੀਵਾਲਾ ਤੋਂ ਇਲਾਵਾ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ, ਸਮੂਹ ਬੀ.ਡੀ.ਪੀ.ਓਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੀ.ਡੀ.ਸੀ. ਕਮੇਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ।