ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਤੋਂ ਰਾਹਤ

21

ਚੰਡੀਗੜ੍ਹ:27 May 2026 AJ DI Awaaj

Chandigarh Desk :  ਰਿਸ਼*ਵਤਖੋਰੀ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰਵਾਉਣ ਲਈ ਦਾਇਰ ਕੀਤੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਵਿਸ਼ੇਸ਼ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਮਾਮਲਾ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਦੋਸ਼ ਤੈਅ ਕਰਨ ਦੀ ਕਾਰਵਾਈ ਤੱਕ ਨਹੀਂ ਪਹੁੰਚਿਆ। ਅਜਿਹੀ ਸਥਿਤੀ ਵਿੱਚ ਰੋਜ਼ਾਨਾ ਸੁਣਵਾਈ ਦੇ ਆਦੇਸ਼ ਦੇਣਾ ਉਚਿਤ ਨਹੀਂ ਮੰਨਿਆ ਜਾ ਸਕਦਾ।

ਸੀਬੀਆਈ ਨੇ ਭ੍ਰਿਸ਼ਟਾ*ਚਾਰ ਰੋਕਥਾਮ ਕਾਨੂੰਨ, 1988 ਦੀ ਧਾਰਾ 4 ਤਹਿਤ ਅਰਜ਼ੀ ਦਾਇਰ ਕਰਦਿਆਂ ਦਲੀਲ ਦਿੱਤੀ ਸੀ ਕਿ ਮੁਲਜ਼ਮ ਲਗਾਤਾਰ ਵੱਖ-ਵੱਖ ਅਰਜ਼ੀਆਂ ਦਾਇਰ ਕਰਕੇ ਕੇਸ ਦੀ ਸੁਣਵਾਈ ਵਿੱਚ ਦੇਰੀ ਕਰ ਰਹੇ ਹਨ। ਏਜੰਸੀ ਨੇ ਮੰਗ ਕੀਤੀ ਸੀ ਕਿ ਕੇਸ ਦੀ ਸੁਣਵਾਈ ਤੇਜ਼ੀ ਨਾਲ ਕਰਵਾਈ ਜਾਵੇ ਅਤੇ ਮੁਕੱਦਮਾ ਰੋਜ਼ਾਨਾ ਆਧਾਰ ’ਤੇ ਚਲਾਇਆ ਜਾਵੇ।

ਦੂਜੇ ਪਾਸੇ, ਬਚਾਅ ਪੱਖ ਨੇ ਸੀਬੀਆਈ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਸ ਹਾਲੇ ਚਾਰਜ ਫਰੇਮਿੰਗ ਦੇ ਪੜਾਅ ਤੱਕ ਵੀ ਨਹੀਂ ਪਹੁੰਚਿਆ ਅਤੇ ਸਾਰੇ ਜ਼ਰੂਰੀ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਮੁਹੱਈਆ ਨਹੀਂ ਕਰਵਾਈਆਂ ਗਈਆਂ। ਬਚਾਅ ਪੱਖ ਨੇ ਇਹ ਵੀ ਦੋਸ਼ ਲਗਾਇਆ ਕਿ ਸੀਬੀਆਈ ਦੀ ਅਰਜ਼ੀ ਦਾ ਮਕਸਦ ਮੁਲਜ਼ਮ ਨੂੰ ਲੰਬੇ ਸਮੇਂ ਤੱਕ ਹਿਰਾਸਤ ਵਿੱਚ ਰੱਖਣਾ ਹੈ।

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਭ੍ਰਿਸ਼*ਟਾਚਾਰ ਰੋਕਥਾਮ ਕਾਨੂੰਨ ਤਹਿਤ ਤੇਜ਼ ਸੁਣਵਾਈ ਦੀ ਵਿਵਸਥਾ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਜ਼ਿਆਦਾ ਲਾਗੂ ਹੁੰਦੀ ਹੈ। ਇਸ ਲਈ ਮੌਜੂਦਾ ਹਾਲਾਤਾਂ ਵਿੱਚ ਰੋਜ਼ਾਨਾ ਸੁਣਵਾਈ ਦਾ ਹੁਕਮ ਦੇਣਾ ਢੁਕਵਾਂ ਨਹੀਂ ਹੈ।

ਅਦਾਲਤ ਨੇ ਸੀਬੀਆਈ ਦੀ ਅਰਜ਼ੀ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਮਾਮਲੇ ਦੀ ਅਗਲੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਰੀ ਰਹੇਗੀ।