ਰੂਪਨਗਰ, 26 ਨਵੰਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਰੂਪਨਗਰ ਵਿਖੇ ਕਰਵਾਏ ਜਾ ਰਹੇ ‘ਪੰਜਾਬ ਸਖੀ ਸ਼ਕਤੀ ਮੇਲੇ’ ਦੇ ਛੇਵੇਂ ਦਿਨ ਸੱਭਿਆਚਾਰਕ ਪੇਸ਼ਕਾਰੀਆਂ, ਲੋਕ ਕਲਾਵਾਂ ਅਤੇ ਦਰਸ਼ਕਾਂ ਦੇ ਉਤਸ਼ਾਹ ਨੇ ਸਮਾਗਮ ਨੂੰ ਯਾਦਗਾਰ ਰੰਗਤ ਬਖ਼ਸ਼ੀ। ਮੇਲੇ ਦੌਰਾਨ ਜਿੱਥੇ ਪੰਜਾਬ ਸਮੇਤ ਵੱਖ-ਵੱਖ ਖੇਤਰਾਂ ਦੇ ਅਮੀਰ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲੀ, ਉੱਥੇ ਹੀ ਮਹਿਲਾ ਉੱਦਮੀਆਂ ਅਤੇ ਸਵੈ-ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੀ ਲੋਕਾਂ ਲਈ ਖ਼ਾਸ ਖਿੱਚ ਦਾ ਕੇਂਦਰ ਬਣੇ ਰਹੇ।
ਮੇਲੇ ਦੇ ਛੇਵੇਂ ਦਿਨ ਕਰਵਾਏ ਗਏ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵਿੱਚ ਬੀਨ ਜੋਗੀ, ਰਾਜਸਥਾਨੀ ਲੋਕ ਕਲਾਵਾਂ, ਪੰਜਾਬੀ ਜਿੰਦੂਆ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਕਲਾਕਾਰਾਂ ਨੇ ਆਪਣੀ ਕਲਾ ਰਾਹੀਂ ਰਵਾਇਤੀ ਲੋਕ ਵਿਰਸੇ ਦੀ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਸਮਾਗਮ ਵਿੱਚ ਸੱਭਿਆਚਾਰਕ ਰੰਗ ਭਰੇ। ਇਸ ਤੋਂ ਇਲਾਵਾ ਮੇਲੇ ਦੌਰਾਨ ਰੋਜ਼ਾਨਾ ਵੱਖ-ਵੱਖ ਪ੍ਰਸਿੱਧ ਕਲਾਕਾਰਾਂ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜੋ ਦਰਸ਼ਕਾਂ ਦੇ ਆਕਰਸ਼ਣ ਦਾ ਵਿਸ਼ੇਸ਼ ਕੇਂਦਰ ਬਣੀਆਂ ਹੋਈਆਂ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਅਤੇ ਮਿਹਨਤ ਨਾਲ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨਾ ਹੈ। ਇਸ ਤਹਿਤ ਮੇਲੇ ਵਿੱਚ ਹੱਥੀਂ ਤਿਆਰ ਕੀਤੀਆਂ ਵਸਤਾਂ, ਦਸਤਕਾਰੀ, ਰਵਾਇਤੀ ਉਤਪਾਦਾਂ, ਘਰੇਲੂ ਵਰਤੋਂ ਦੀਆਂ ਚੀਜ਼ਾਂ ਅਤੇ ਖਾਣ-ਪੀਣ ਦੀਆਂ ਵਸਤਾਂ ਦੇ ਵੱਖ-ਵੱਖ ਸਟਾਲ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਪਛਾਣ ਬਣਾਉਣ, ਨਵੇਂ ਗਾਹਕਾਂ ਤੱਕ ਪਹੁੰਚ ਕਰਨ ਅਤੇ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਦੇ ਮੌਕੇ ਮਿਲ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਉੱਦਮਸ਼ੀਲਤਾ ਅਤੇ ਸਿਰਜਣਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਦੇ ਨਾਲ ਹੀ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਨਾਲ ਸਬੰਧਤ ਉੱਦਮੀਆਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਪ੍ਰਚਾਰ ਲਈ ਮੰਚ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਥਾਨਕ ਕਾਰੋਬਾਰਾਂ ਨੂੰ ਨਵੀਂ ਪਛਾਣ ਅਤੇ ਮੰਡੀਕਰਨ ਦੇ ਵਧੇਰੇ ਮੌਕੇ ਮਿਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਲਗਾਏ ਗਏ ਵੱਖ-ਵੱਖ ਸਟਾਲਾਂ ਰਾਹੀਂ ਸਥਾਨਕ ਉਤਪਾਦਾਂ, ਰਵਾਇਤੀ ਵਸਤਾਂ ਅਤੇ ਮਹਿਲਾਵਾਂ ਵੱਲੋਂ ਤਿਆਰ ਕੀਤੀਆਂ ਚੀਜ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਮਹਿਲਾ ਉੱਦਮੀਆਂ ਨੂੰ ਆਪਣੇ ਉਤਪਾਦਾਂ ਦੀ ਸਿੱਧੀ ਵਿਕਰੀ ਦਾ ਮੌਕਾ ਮਿਲ ਰਿਹਾ ਹੈ, ਉੱਥੇ ਹੀ ਲੋਕਾਂ ਨੂੰ ਸਥਾਨਕ ਹੁਨਰ ਅਤੇ ਉਤਪਾਦਾਂ ਨੂੰ ਜਾਣਨ ਤੇ ਖਰੀਦਣ ਦਾ ਮੌਕਾ ਵੀ ਪ੍ਰਾਪਤ ਹੋ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਇਆ ਜਾ ਰਿਹਾ ਇਹ ਮੇਲਾ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ, ਪੇਂਡੂ ਉੱਦਮਤਾ ਨੂੰ ਮਜ਼ਬੂਤ ਕਰਨ, ਸਥਾਨਕ ਉਤਪਾਦਾਂ ਨੂੰ ਉਚਿਤ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਨ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਰਾਲਾ ਹੈ।



















