ਰੂਪਨਗਰ, 16 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਉਦੇਸ਼ ਕਿਸਾਨਾਂ ਨੂੰ ਮੱਛੀ ਪਾਲਣ ਦੇ ਆਧੁਨਿਕ ਤਰੀਕਿਆਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਇਸੇ ਦਿਸ਼ਾ ਵਿੱਚ ਜ਼ਿਲ੍ਹਾ ਰੂਪਨਗਰ ਵਿੱਚ ਪਿੰਡ ਕਟਲੀ ਵਿਖੇ 25 ਏਕੜ ਰਕਬੇ ਵਿੱਚ ਸਥਾਪਤ ਸਰਕਾਰੀ ਮੱਛੀ ਪੂੰਗ ਫਾਰਮ ਮੱਛੀ ਕਾਸ਼ਤਕਾਰਾਂ ਨੂੰ ਉੱਚ ਗੁਣਵੱਤਾ ਵਾਲਾ ਮੱਛੀ ਪੂੰਗ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਰੂਪਨਗਰ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਵੱਲੋਂ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਖ਼ਾਸ ਤੌਰ ’ਤੇ ਔਰਤਾਂ ਨੂੰ ਇਸ ਕਿੱਤੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਕਿਸਾਨਾਂ ਲਈ ਆਮਦਨ ਦਾ ਇੱਕ ਲਾਹੇਵੰਦ ਅਤੇ ਸੰਭਾਵਨਾਵਾਂ ਭਰਪੂਰ ਕਿੱਤਾ ਬਣ ਰਿਹਾ ਹੈ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਕੇ ਕਿਸਾਨ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਇਸ ਸਮੇਂ ਲਗਭਗ 1800 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ। ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟਾਂ, ਜਿਵੇਂ ਨਵੇਂ ਮੱਛੀ ਤਲਾਬਾਂ ਦੀ ਉਸਾਰੀ, ਮੁੜ-ਚੱਕਰੀ ਜਲ ਪ੍ਰਣਾਲੀ ਇਕਾਈ, ਜੈਵਿਕ ਤਲਾਬ ਇਕਾਈ, ਮੱਛੀ ਵਿਕਰੀ ਕੇਂਦਰ, ਮੱਛੀ ਖੁਰਾਕ ਮਿੱਲ ਅਤੇ ਬਰਫ਼ ਵਾਲੇ ਡੱਬੇ ਸਮੇਤ ਦੋ-ਪਹੀਆ ਅਤੇ ਤਿੰਨ-ਪਹੀਆ ਵਾਹਨਾਂ ਆਦਿ ਲਈ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ ਤਹਿਤ 40 ਤੋਂ 60 ਫ਼ੀਸਦੀ ਤੱਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਰਾਣੇ ਮੱਛੀ ਤਲਾਬਾਂ ਦੇ ਸੁਧਾਰ ਅਤੇ ਨਵੀਨੀਕਰਨ ਲਈ ਵੀ 25 ਫ਼ੀਸਦੀ ਤੱਕ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਜਾਗਰੂਕਤਾ ਅਤੇ ਸਿਖਲਾਈ ਗਤੀਵਿਧੀਆਂ ਵੀ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੱਛੀ ਪੂੰਗ ਫਾਰਮ ਕਟਲੀ ਵਿਖੇ ਹਰ ਮਹੀਨੇ ਪੰਜ ਦਿਨਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਦੌਰਾਨ ਮੱਛੀ ਪਾਲਣ ਦੀਆਂ ਆਧੁਨਿਕ ਤਕਨੀਕਾਂ, ਤਲਾਬਾਂ ਦੀ ਸਾਂਭ-ਸੰਭਾਲ, ਮੱਛੀ ਦੀ ਖੁਰਾਕ ਅਤੇ ਸਰਕਾਰੀ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।
ਉਨ੍ਹਾਂ ਨੇ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਇੱਕ ਸਵੈ-ਰੁਜ਼ਗਾਰ ਦੇ ਲਾਹੇਵੰਦ ਕਿੱਤੇ ਵਜੋਂ ਅਪਣਾਉਣ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਕੌਮੀ ਮੱਛੀ ਪਾਲਣ ਵਿਕਾਸ ਮੰਚ (ਐੱਨ.ਐੱਫ.ਡੀ.ਪੀ.) ’ਤੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ।
ਉਨ੍ਹਾਂ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਜਾਂ ਇਸ ਨਾਲ ਸਬੰਧਤ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ, ਨੌਜਵਾਨ ਅਤੇ ਔਰਤਾਂ 12 ਅਕਤੂਬਰ 2026 ਤੋਂ 16 ਅਕਤੂਬਰ 2026 ਤੱਕ ਮੱਛੀ ਪੂੰਗ ਫਾਰਮ, ਕਟਲੀ ਵਿਖੇ ਹੋਣ ਵਾਲੀ ਪੰਜ ਦਿਨਾਂ ਦੀ ਮੁਫ਼ਤ ਸਿਖਲਾਈ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਇਸ ਮੌਕੇ ਦਾ ਲਾਭ ਉਠਾਉਣ।
ਸਹਾਇਕ ਡਾਇਰੈਕਟਰ ਮੱਛੀ ਪਾਲਣ-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਰੂਪਨਗਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੱਛੀ ਕਾਸ਼ਤਕਾਰਾਂ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ ਮੱਛੀ ਪੂੰਗ ਫਾਰਮ, ਕਟਲੀ ਵੱਲੋਂ ਹੁਣ ਤੱਕ ਰਿਕਾਰਡਤੋੜ 120 ਲੱਖ ਮੱਛੀ ਪੂੰਗ ਦਾ ਉਤਪਾਦਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਜ਼ਿਲ੍ਹਾ ਰੂਪਨਗਰ ਦੇ ਨਾਲ-ਨਾਲ ਗੁਆਂਢੀ ਜ਼ਿਲ੍ਹਿਆਂ ਅਤੇ ਗੁਆਂਢੀ ਰਾਜਾਂ ਦੇ ਮੱਛੀ ਕਾਸ਼ਤਕਾਰਾਂ ਨੂੰ ਵੀ ਮੱਛੀ ਪੂੰਗ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਨੂੰ ਸਹੀ ਢੰਗ ਨਾਲ ਅਪਣਾ ਕੇ ਮੱਛੀ ਕਾਸ਼ਤਕਾਰ ਪ੍ਰਤੀ ਏਕੜ 1.5 ਲੱਖ ਤੋਂ 2 ਲੱਖ ਰੁਪਏ ਤੱਕ ਦਾ ਸ਼ੁੱਧ ਲਾਭ ਪ੍ਰਾਪਤ ਕਰ ਰਹੇ ਹਨ, ਜਿਸ ਕਾਰਨ ਇਹ ਕਿੱਤਾ ਕਿਸਾਨਾਂ ਲਈ ਆਮਦਨ ਦਾ ਇੱਕ ਲਾਹੇਵੰਦ ਸਰੋਤ ਸਾਬਤ ਹੋ ਰਿਹਾ ਹੈ।
ਫਾਰਮ ਦੀ ਇੰਚਾਰਜ ਤੇਜਿੰਦਰ ਕੌਰ ਨੇ ਦੱਸਿਆ ਕਿ ਕਟਲੀ ਸਥਿਤ ਸਰਕਾਰੀ ਮੱਛੀ ਪੂੰਗ ਫਾਰਮ ਵਿਖੇ ਬਿਮਾਰੀ ਰਹਿਤ ਅਤੇ ਉੱਚ ਗੁਣਵੱਤਾ ਵਾਲਾ ਮੱਛੀ ਪੂੰਗ ਮੱਛੀ ਕਾਸ਼ਤਕਾਰਾਂ ਨੂੰ ਮਾਰਚ ਤੋਂ ਅਗਸਤ ਮਹੀਨੇ ਤੱਕ ਸਸਤੀਆਂ ਦਰਾਂ ’ਤੇ ਮੁਹੱਈਆ ਕਰਵਾਇਆ ਜਾਂਦਾ ਹੈ। ਕਿਸਾਨਾਂ ਦੀ ਮੰਗ ਅਨੁਸਾਰ ਇੱਥੋਂ ਕਾਮਨ ਕਾਰਪ, ਗਰਾਸ ਕਾਰਪ, ਰੋਹੂ, ਕਤਲਾ ਅਤੇ ਮੁਰਾਖ ਆਦਿ ਕਿਸਮਾਂ ਦਾ ਮੱਛੀ ਪੂੰਗ ਸਪਲਾਈ ਕੀਤਾ ਜਾਂਦਾ ਹੈ।



















