ਇਸ ਸਬੰਧੀ ਜਦੋਂ ਸਕੂਲ ਪ੍ਰਿੰਸੀਪਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ ਉੱਪਰ ਸਹਾਇਤਾ ਲਈ ਕਾਲ ਕੀਤੀ ਗਈ ਤਾਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਸਕੂਲੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦੇ ਬਚਾਅ ਲਈ ਭੇਜਿਆ। ਸਕੂਲ ਦੇ ਆਲੇ-ਦੁਆਲੇ ਬਹੁਤ ਪਾਣੀ ਸੀ ਅਤੇ ਪਾਣੀ ਦਾ ਵਹਾਅ ਵੀ ਬਹੁਤ ਤੇਜ਼ ਸੀ। ਇਸ ਸਭ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀ.ਐੱਸ.ਐੱਫ਼ ਅਤੇ ਐੱਨ ਡੀ.ਆਰ.ਐੱਫ ਦੇ ਸਹਿਯੋਗ ਦੇ ਨਾਲ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਗਈ ਅਣਗਹਿਲੀ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਵੱਲੋਂ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ ਤਾਂ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਛੁੱਟੀ ਕਰਕੇ ਘਰ ਕਿਉਂ ਨਹੀਂ ਭੇਜਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਚਿਤਾਵਨੀ ਵੀ ਦਿੱਤੀ ਜਾ ਰਹੀ ਸੀ ਕਿ ਰਾਵੀ ਦਰਿਆ ਦੇ ਨੇੜੇ ਦੇ ਖੇਤਰ ਵਿੱਚ ਹੜ੍ਹ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਨੂੰ ਦਰਕਿਨਾਰ ਕਰਕੇ ਬੱਚਿਆਂ ਦੀ ਜਾਨ ਨੂੰ ਗੰਭੀਰ ਖ਼ਤਰੇ ਵਿੱਚ ਪਾਉਣਾ ਨਾ-ਬਰਦਾਸ਼ਤਯੋਗ ਹੈ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ ਉੱਪਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਸਹਾਇਤਾ ਲਈ ਲੋਕਾਂ ਦੀਆਂ ਕਾਲਾਂ ਆ ਰਹੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦੇ ਮੁਕਾਬਲੇ ਦਰਿਆ ਰਾਵੀ ਵਿੱਚ ਪਾਣੀ ਦਾ ਪੱਧਰ ਥੋੜ੍ਹਾ ਘੱਟ ਹੋਇਆ ਹੈ ਅਤੇ ਆਉਂਦੇ ਸਮੇਂ ਵਿੱਚ ਹੋਰ ਸੁਧਾਰ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮੁੱਚਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਜਾਂ 01874-266376 ਉੱਪਰ ਸੰਪਰਕ ਕਰ ਸਕਦੇ ਹਨ।














