ਡੇਅਰੀ ਵਿਕਾਸ ਵਿਭਾਗ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ

37
ਸੰਗਰੂਰ, 27 ਜੂਨ 2026 AJ DI Awaaj

Punjab Desk :  ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਸੰਗਰੂਰ ਵਲੋਂ ਆਪਣੇ ਦਫਤਰ ਸੰਗਰੂਰ ਵਿਖੇ ਖਪਤਕਾਰਾਂ ਵਲੋਂ ਘਰਾਂ ਵਿੱਚ ਵਰਤੇ ਜਾਣ ਵਾਲੇ ਦੁੱਧ ਦੀ ਗੁਣਵੱਤਾ ਦੀ ਮੁਫਤ ਜਾਂਚ ਲਈ ਸਹੂਲਤ ਉਪਲਬਧ ਹੈ। ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਦੇ ਦੁੱਧ ਉਤਪਾਦਕਾਂ, ਦੁੱਧ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਵਿਖੇ ਕੰਮ ਕਾਜ ਵਾਲੇ ਦਿਨ ਸਵੇਰੇ 9 ਤੋਂ 11 ਵਜੇ ਤੱਕ ਪਹੁੰਚ ਕਰਕੇ ਦੁੱਧ ਚੈਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਦੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਪਾ ਸਕਦੇ ਹਨ।