DC ਆਸ਼ਿਕਾ ਜੈਨ ਨੇ ਜਨਗਣਨਾ 2026-27 ਲਈ ਹੁਕਮ ਦਿੱਤੇ

34

ਹੁਸ਼ਿਆਰਪੁਰ, 24 ਸਤੰਬਰ 2025 AJ DI  Awaaj

Punjab Desk : ਅਗਾਮੀ ਜਨਗਣਨਾ 2026-27 ਦੇ ਸੁਚਾਰੂ ਢੰਗ ਨਾਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਇਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਡਿਪਟੀ ਈ.ਐਸ.ਏ. ਸੁਨੀਤਾ ਪੋਲ ਅਤੇ ਏ.ਆਰ.ਓ ਪਵਨੀਤ ਕੌਰ ਸਮੇਤ ਸਬੰਧਤ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਵੱਲੋਂ ਹਾਲ ਹੀ ਵਿਚ ਜਾਰੀ ਨਿਰਦੇਸ਼ਾਂ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ 31 ਦਸੰਬਰ 2025 ਤੱਕ ਸ਼ਹਿਰਾਂ ਅਤੇ ਪਿੰਡਾਂ ਦੀਆਂ ਪ੍ਰਸ਼ਾਸਨਿਕ ਸੀਮਾਵਾਂ ਨੂੰ ਅੰਤਿਮ ਰੂਪ ਦੇਣਾ ਲਾਜ਼ਮੀ ਹੈ। ਇਸ ਸਬੰਧ ਵਿਚ ਪ੍ਰਾਪਤ ਰਿਪੋਰਟਾਂ ਦੀ ਦੁਬਾਰਾ ਜਾਂਚ ਲਈ ਏ.ਡੀ.ਸੀ ਨੂੰ ਸ਼ਹਿਰੀ ਹਲਕਿਆਂ ਅਤੇ ਐਸ.ਡੀ.ਐਮਜ਼ ਨੂੰ ਪੇਂਡੂ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਕਾਰਜ ਇਕ ਰਾਸ਼ਟਰੀ ਮਹੱਤਵਪੂਰਨ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਸਬੰਧਤ ਅਧਿਕਾਰੀ ਸਮਾਂਬੱਧ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਜਨਗਣਨਾ ਸੈੱਲ ਦੀ ਕਾਰਜਪ੍ਰਣਾਲੀ ਨੂੰ ਵੀ ਹੋਰ ਸਰਗਰਮ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਰੀਆਂ ਗਤੀਵਿਧੀਆਂ ਨਿਰਧਾਰਤ ਕੈਲੰਡਰ ਅਨੁਸਾਰ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ।