ਹੁਸ਼ਿਆਰਪੁਰ, 5 ਮਈ 2025 Aj Di Awaaj
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਏ.ਡੀ.ਸੀ. ਨਿਕਾਸ ਕੁਮਾਰ, ਸਾਰੇ ਐਸ.ਡੀ.ਐਮ., ਪੁਲਿਸ ਅਧਿਕਾਰੀ ਅਤੇ ਐਸ.ਐਮ.ਓ. ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਫ਼ ਕੀਤਾ ਕਿ ਓਟ (OAT) ਸੈਂਟਰਾਂ ਅਤੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਿਲ ਹੋਣ ਅਤੇ ਦਵਾਈ ਲੈਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਹੁਣ ਓਟ ਸੈਂਟਰਾਂ ’ਤੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਦਵਾਈ ਵੰਡ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਦਕਿ ਐਤਵਾਰ ਨੂੰ ਇਹ ਸੇਵਾ ਸਿਰਫ਼ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਉਪਲਬਧ ਹੋਵੇਗੀ। ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੇ ਦਿਨ ਰਜਿਸਟ੍ਰੇਸ਼ਨ ਨਹੀਂ ਹੋਵੇਗੀ।
ਮੀਟਿੰਗ ਦੌਰਾਨ ਉਨ੍ਹਾਂ ਨੇ ਦੱਸਿਆ ਕਿ 7 ਮਈ ਤੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਹਰ ਰੋਜ਼ ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ ਪਿੰਡਾਂ ਵਿੱਚ ਇਹ ਯਾਤਰਾਵਾਂ ਆਯੋਜਿਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਯਾਤਰਾਵਾਂ ਸਫਲਤਾਪੂਰਵਕ ਕਰਵਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਉਣ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਯਾਤਰਾਵਾਂ ਰਾਹੀਂ ਵਧ ਤੋਂ ਵੱਧ ਲੋਕ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਿਆਂ ਦਾ ਵਿਰੋਧ ਕਰਨਾ ਨਹੀਂ, ਸਗੋਂ ਸਮਾਜ ਨੂੰ ਇਕ ਸਕਾਰਾਤਮਕ ਦਿਸ਼ਾ ਵਿੱਚ ਪ੍ਰੇਰਿਤ ਕਰਨਾ ਵੀ ਹੈ।
