ਪੰਜਾਬ ਕਾਂਗਰਸ ਦੇ ਵਿਵਾਦ ‘ਤੇ ਦਿੱਲੀ ‘ਚ ਮੰਥਨ

20

ਪੰਜਾਬ 23 July 2026 AJ DI Awaaj

Punjab Desk :   ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਨੂੰ ਦੂਰ ਕਰਨ ਲਈ ਦਿੱਲੀ ਵਿੱਚ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕੁੱਲ 21 ਸੀਨੀਅਰ ਆਗੂ ਸ਼ਾਮਲ ਹਨ।

ਇਹ ਮੀਟਿੰਗ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਹੋ ਰਹੀ ਹੈ। ਪਾਰਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਅੰਦਰੂਨੀ ਵਿਵਾਦ ਅਤੇ ਗੁੱਟਬੰਦੀ ਨੂੰ ਖਤਮ ਕਰਨ ਲਈ ਕਾਂਗਰਸ ਹਾਈਕਮਾਨ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਚੰਨੀ ਧੜਾ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕਰਦਾ ਆ ਰਿਹਾ ਸੀ। ਹਾਲ ਹੀ ਵਿੱਚ ਹਾਈਕਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਚੰਨੀ ਦੇ ਰੁਖ ਵਿੱਚ ਨਰਮੀ ਦੇਖਣ ਨੂੰ ਮਿਲੀ ਸੀ। ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਦਿੱਲੀ ਵਿੱਚ ਸਾਰੇ ਸੀਨੀਅਰ ਆਗੂਆਂ ਨੂੰ ਇਕੱਠੇ ਬਿਠਾ ਕੇ ਮਤਭੇਦਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਵੇਂ ਪਾਰਟੀ ਦੇ ਆਗੂ ਜਨਤਕ ਤੌਰ ‘ਤੇ ਲਗਾਤਾਰ ਇਹ ਕਹਿੰਦੇ ਰਹੇ ਹਨ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ ਅਤੇ ਸਿਰਫ਼ ਕੁਝ ਮਤਭੇਦ ਹਨ, ਪਰ ਅੱਜ ਦੀ ਮੀਟਿੰਗ ਨੂੰ ਪੰਜਾਬ ਕਾਂਗਰਸ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਕੀ ਇਸ ਬੈਠਕ ਰਾਹੀਂ ਪਾਰਟੀ ਦੇ ਅੰਦਰਲੇ ਵਿਵਾਦਾਂ ਦਾ ਕੋਈ ਠੋਸ ਹੱਲ ਨਿਕਲਦਾ ਹੈ ਜਾਂ ਨਹੀਂ।