ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ, ਕ੍ਰਿਕਟ ਰਿਸ਼ਤਿਆਂ ਤੋਂ ਬਾਅਦ : ਸੁਖਬੀਰ ਬਾਦਲ

51

ਚੰਡੀਗੜ੍ਹ: 16 Sep 2025 AJ DI Awaaj

Chandigarh Desk : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜੱਥਿਆਂ ਦੀਆਂ ਅਰਜ਼ੀਆਂ ‘ਤੇ ਲਾਗੂ ਰੋਕ ਨੂੰ ਤੁਰੰਤ ਹਟਾਇਆ ਜਾਵੇ।

ਸ੍ਰੀ ਬਾਦਲ ਨੇ ਕਿਹਾ ਕਿ ਸਿੱਖ ਸ਼ਰਧਾਲੂ 1950 ਦੇ ਨਹਿਰੂ-ਲਿਆਕਤ ਸਮਝੌਤੇ ਦੇ ਤਹਿਤ ਹਰ ਸਾਲ ਪਾਕਿਸਤਾਨ ਵਿਚ ਸਥਿਤ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਨ। ਇਸ ਸਮਝੌਤੇ ਦੇ ਤਹਿਤ ਸਿੱਖਾਂ ਨੂੰ ਚਾਰ ਮੁਖ ਮੌਕਿਆਂ, ਵਿਸ਼ੇਸ਼ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਦੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਰੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।

ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਐਡਵਾਈਜ਼ਰੀ ਦੀ ਤੁਰੰਤ ਸਮੀਖਿਆ ਕਰੇ ਅਤੇ ਸ਼ਰਧਾਲੂਆਂ ਨੂੰ ਆਪਣੀ ਜ਼ਿੰਮੇਵਾਰੀ ‘ਤੇ ਯਾਤਰਾ ਦੀ ਇਜਾਜ਼ਤ ਦੇਵੇ। ਉਨ੍ਹਾਂ ਕਿਹਾ ਕਿ ਜਦੋਂ ਭਾਰਤ-ਪਾਕਿ ਰਿਸ਼ਤੇ ਆਪਣੇ ਸਭ ਤੋਂ ਨਿਮਣੇ ਪੱਧਰ ‘ਤੇ ਸਨ, ਤਾਂ ਵੀ ਜੱਥੇ ਪਾਕਿਸਤਾਨ ਜਾਂਦੇ ਰਹੇ। ਹੁਣ ਜਦਕਿ ਦੋਹਾਂ ਦੇ ਵਿਚਕਾਰ ਕ੍ਰਿਕਟ ਮੈਚਾਂ ਰਾਹੀਂ ਰਿਸ਼ਤੇ ਮੁੜ ਬਣ ਰਹੇ ਹਨ, ਤਾਂ ਧਾਰਮਿਕ ਯਾਤਰਾ ਦੀ ਵੀ ਇਜਾਜ਼ਤ ਮਿਲਣੀ ਚਾਹੀਦੀ ਹੈ।

ਸੁਖਬੀਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ ਤਾਂ ਜੋ ਭਾਰਤੀ ਸਿੱਖ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੜ੍ਹਾਂ ਕਾਰਨ ਸਥਾਨ ਨੂੰ ਹੋਏ ਨੁਕਸਾਨ ਦੀਆਂ ਰਿਪੋਰਟਾਂ ਨੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਸੀ। ਭਾਵੇਂ ਪਾਕਿਸਤਾਨ ਸਰਕਾਰ ਨੇ ਸਫਾਈ ਕਰਵਾਈ ਹੈ, ਪਰ ਸਿੱਖ ਕੌਮ ਆਪਣੇ ਹੱਥੀਂ ਸੇਵਾ ਵਿੱਚ ਭਾਗ ਲੈਣਾ ਚਾਹੁੰਦੀ ਹੈ, ਕਿਉਂਕਿ ਇਹ ਸਥਾਨ ਸਿੱਖਾਂ ਲਈ ਧਾਰਮਿਕ ਅਤੇ ਭਾਵੁਕ ਤੌਰ ‘ਤੇ ਬਹੁਤ ਮਹੱਤਵ ਰੱਖਦਾ ਹੈ।

ਸ੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਸ਼ਰਧਾਲੂ ਆਪਣੇ ਧਾਰਮਿਕ ਹੱਕਾਂ ਦੀ ਪੂਰੀ ਆਜ਼ਾਦੀ ਨਾਲ ਅਦਾ ਕਰ ਸਕਣ।