ਚੰਡੀਗੜ੍ਹ:05 June 2026 AJ DI Awaaj
Chandigarh Desk : ਪੰਜਾਬ ਸਰਕਾਰ ਨੇ ਵਿਭਾਗੀ ਪ੍ਰੀਖਿਆ ਪਾਸ ਕਰਨ ਵਿੱਚ ਅਸਫਲ ਰਹਿਣ ਵਾਲੇ ਦੋ ਪੀਸੀਐਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੂਲ ਅਹੁਦਿਆਂ ‘ਤੇ ਵਾਪਸ ਭੇਜ ਦਿੱਤਾ ਹੈ। ਦੋਵੇਂ ਅਧਿਕਾਰੀ ਤਰੱਕੀ ਤੋਂ ਬਾਅਦ ਨਿਰਧਾਰਿਤ ਸਮੇਂ ਅੰਦਰ ਲਾਜ਼ਮੀ ਵਿਭਾਗੀ ਪ੍ਰੀਖਿਆ ਪਾਸ ਨਹੀਂ ਕਰ ਸਕੇ ਸਨ।
ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪ੍ਰੋਮਿਲਾ ਅਤੇ ਅਮਰਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ-ਆਪਣੇ ਮੂਲ ਵਿਭਾਗਾਂ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਹੁਕਮਾਂ ਦੀਆਂ ਕਾਪੀਆਂ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ।
ਪ੍ਰੋਮਿਲਾ ਨੂੰ ਫਰਵਰੀ 2021 ਵਿੱਚ ਆਮ ਪ੍ਰਸ਼ਾਸਨ ਵਿਭਾਗ ਵਿੱਚ ਨਿੱਜੀ ਸਕੱਤਰ ਦੇ ਅਹੁਦੇ ਤੋਂ ਤਰੱਕੀ ਦੇ ਕੇ ਪੀਸੀਐਸ ਕੈਡਰ ਵਿੱਚ ਸ਼ਾਮਲ ਕੀਤਾ ਗਿਆ ਸੀ। ਨਿਯਮਾਂ ਅਨੁਸਾਰ ਉਨ੍ਹਾਂ ਲਈ ਨਿਰਧਾਰਿਤ ਸਮੇਂ ਅੰਦਰ ਵਿਭਾਗੀ ਪ੍ਰੀਖਿਆ ਪਾਸ ਕਰਨੀ ਲਾਜ਼ਮੀ ਸੀ। ਉਨ੍ਹਾਂ ਨੂੰ ਚਾਰ ਨਿਯਮਤ ਅਤੇ ਦੋ ਵਿਸ਼ੇਸ਼ ਮੌਕੇ ਦਿੱਤੇ ਗਏ, ਪਰ ਉਹ ਕਿਸੇ ਵੀ ਕੋਸ਼ਿਸ਼ ਵਿੱਚ ਸਫਲ ਨਹੀਂ ਹੋ ਸਕੀ। ਇਸ ਕਾਰਨ ਉਨ੍ਹਾਂ ਨੂੰ ਮੁੜ ਆਪਣੇ ਮੂਲ ਵਿਭਾਗ ਵਿੱਚ ਭੇਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ, ਅਮਰਦੀਪ ਸਿੰਘ ਨੂੰ ਸਤੰਬਰ 2022 ਵਿੱਚ ਜ਼ਿਲ੍ਹਾ ਮਾਲ ਅਧਿਕਾਰੀ ਦੇ ਅਹੁਦੇ ਤੋਂ ਤਰੱਕੀ ਦੇ ਕੇ ਪੀਸੀਐਸ ਬਣਾਇਆ ਗਿਆ ਸੀ। ਉਨ੍ਹਾਂ ਨੂੰ ਵੀ ਲਾਜ਼ਮੀ ਪ੍ਰੀਖਿਆ ਪਾਸ ਕਰਨ ਲਈ ਚਾਰ ਮੌਕੇ ਦਿੱਤੇ ਗਏ ਸਨ, ਪਰ ਉਹ ਕਿਸੇ ਵੀ ਪ੍ਰੀਖਿਆ ਵਿੱਚ ਸ਼ਾਮਲ ਨਹੀਂ ਹੋਏ। ਨਿਯਮਾਂ ਦੀ ਉਲੰਘਣਾ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਮੂਲ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਾਪਸ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਦਾ ਨਾਮ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਦੇ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ।














