ਕੀਰਤਪੁਰ ਸਾਹਿਬ 03 ਅਕਤੂਬਰ 2026 AJ DI Awaaj
Punjab Desk : ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਹੁਕਮਾਂ ਅਤੇ ਐਸਐਮਓ ਡਾ. ਅਨੰਦ ਘਈ ਦੀ ਅਗਵਾਈ ਹੇਠ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਬਲਾਕ ਐਸਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਪੀਐਚਸੀ ਕੀਰਤਪੁਰ ਸਾਹਿਬ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ‘ਡਰਾਈ ਡੇ’ ਮਨਾਇਆ ਜਾਂਦਾ ਹੈ। ਇਸ ਦੇ ਨਾਲ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਖੇਤਰ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਕਰਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਰੋਕਣ ਅਤੇ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐਸਐਮਓ ਡਾ. ਅਨੰਦ ਘਈ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਵਿੱਚ ਦੋ, ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਰ ਅਤੇ ਨੰਗਲ ਵਿੱਚ ਦੋ ਟੀਮਾਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰ ਰਹੀਆਂ ਹਨ। ਐਸਆਈ ਸੁਖਦੀਪ ਸਿੰਘ, ਬਲਵੰਤ ਰਾਏ, ਗੁਰਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਦੀ ਅਗਵਾਈ ਹੇਠ ਟੀਮਾਂ ਵੱਲੋਂ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਖੜ੍ਹੇ ਪਾਣੀ ਨੂੰ ਤੁਰੰਤ ਹਟਾਉਣ। ਲੋਕਾਂ ਨੂੰ ਸਵੇਰੇ-ਸ਼ਾਮ ਸਰੀਰ ਨੂੰ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਡਾ. ਘਈ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀ ਨਾਲ ਡੇਂਗੂ ਤੋਂ ਬਚਾਅ ਸੰਭਵ ਹੈ ਅਤੇ ਮੌਜੂਦਾ ਸਮੇਂ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ। ਮੁਹਿੰਮ ਵਿੱਚ ਆਸ਼ਾ ਵਰਕਰਾਂ, ਏਐਨਐਮਜ਼, ਵਿਦਿਆਰਥੀਆਂ ਅਤੇ ਪਿੰਡੂ ਸਿਹਤ ਕਮੇਟੀਆਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।



















