ਸੰਗਰੂਰ, 17 ਫਰਵਰੀ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿੱਚ ਨਵੇਂ ਬਣੇ ਰਹੇ 16 ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਸ੍ਰੀ ਰਾਹੁਲ ਚਾਬਾ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਹੈ ਕਿ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਬਣ ਰਹੇ 16 ਆਮ ਆਦਮੀ ਕਲੀਨਿਕਾਂ ਵਿਚੋਂ 8 ਸ਼ਹਿਰੀ ਖੇਤਰ ਵਿੱਚ ਅਤੇ 8 ਪੇਂਡੂ ਖੇਤਰ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੀਦਾਰਗੜ੍ਹ, ਨਵਾਂ ਗਾਓ, ਉੱਪਲੀ, ਦੁਗਨੀ, ਖੇੜੀ ਜੱਟਾਂ, ਰਜਿੰਦਰਾ ਪੁਰੀ, ਬਾਮਲ ਅਤੇ ਧੂਰਾ ਵਿਖੇ ਆਮ ਆਦਮੀ ਕਲੀਨਿਕ ਬਣ ਰਹੇ ਹਨ, ਇਸੇ ਤਰ੍ਹਾਂ ਸ਼ਹਿਰੀ ਖੇਤਰ ਵਿੱਚ ਬਾਬਾ ਮਸਤ ਰਾਮ ਜੀ ਸਮਾਧ ਲਹਿਰਾ, ਡੀਈਓ ਪ੍ਰਾਇਮਰੀ ਦਫ਼ਤਰ ਸੰਗਰੂਰ, ਵਾਰਡ ਨੰਬਰ 4 ਝਾੜ ਵਾਲਾ ਪੁਲ ਸੜਕ ’ਤੇ ਚੀਮਾ, ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਸ੍ਰੀ ਗੁਰੂ ਰਵੀਦਾਸ ਦਰਬਾਰ ਹਾਲ ਮੂਨਕ, ਬੱਸ ਸਟੈਂਡ ਭਵਾਨੀਗੜ੍ਹ ਅਤੇ ਐਸ.ਐਸ.ਐਸ.ਜੀ. ਲੌਂਗੋਵਾਲ ਵਿਖੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕਲੀਨਿਕ ਜ਼ਿਲ੍ਹੇ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਆਪਣੇ ਨੇੜੇ ਮੁਫ਼ਤ ਸਿਹਤ ਜਾਂਚ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਨਗੇ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਲੀਨਿਕਾਂ ਦੇ ਸਾਜ਼ੋ-ਸਾਮਾਨ ਅਤੇ ਸਟਾਫ਼ ਦੀ ਤਾਇਨਾਤੀ ਸਬੰਧੀ ਪ੍ਰਕਿਰਿਆ ਵੀ ਸਮੇਂ ਸਿਰ ਪੂਰੀ ਕੀਤੀ ਜਾਵੇ ਤਾਂ ਜੋ ਇਹ ਸਹੂਲਤਾਂ ਜਲਦੀ ਤੋਂ ਜਲਦੀ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਸਕਣ।
ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਐਸ.ਐਮ.ਓਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।














