ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ

39

ਹੁਸ਼ਿਆਰਪੁਰ, 15 ਜਨਵਰੀ 2026 AJ DI Awaaj
Punjab Desk :    ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਪਰਾਲੀ ਵਿੱਚ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਸ ਨੂੰ ਖਾਲੀ ਨਾ ਕਰੀਏ, ਕਿਉਂਕਿ ਖ਼ਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਤਕਨੀਕ ਅਪਨਾਉਣ ਵਿੱਚ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਦਾ ਮੁੱਢਲਾ ਯੋਗਦਾਨ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਦਾ ਪੂਰਨ ਪ੍ਰਬੰਧ ਕਰ ਰਹੇ ਹਨ ਅਤੇ ਇਸ ਬਾਬਤ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਣਕ ਦੇ ਸਰਵਪੱਖੀ ਖ਼ਾਦ, ਨਦੀਨ ਤੇ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ ਸਿਰਫ ਫਾਲਿਆਂ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੀ ਹੈ ਅਤੇ ਪਰਾਲੀ ਨੂੰ ਜ਼ਮੀਨ ਦੀ ਸਤਿਹ ਉੱਪਰ ਮੱਲਚ ਬਣਾ ਕੇ ਛੱਡਦੀ ਹੈ।ਇਹ ਮਸ਼ੀਨ ਪਰਾਲੀ ਸਾਂਭਣ ਵਾਲਾ ਰੋਟਰ ਅਤੇ ਜ਼ੀਰੋ ਟਿਲ ਡਰਿੱਲ ਮਸ਼ੀਨ ਦਾ ਸੁਮੇਲ ਹੈ, ਜਿਸ ਵਿਚ ਰੋਟਰ ਝੋਨੇ ਦੀ ਪਰਾਲੀ ਦੀ ਯੋਗ ਵਿਵਸਥਾ ਲਈ ਅਤੇ ਡਰਿਲ ਕਣਕ ਦੀ ਬਿਜਾਈ ਲਈ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਮਸ਼ੀਨ 50 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਇਕ ਦਿਨ ਵਿਚ ਤਕਰੀਬਨ 6-8 ਏਕੜ ਰਕਬੇ ਵਿੱਚ ਬਿਜਾਈ ਕਰ ਦਿੰਦੀ ਹੈ। ਸਹਿਯੋਗੀ ਪ੍ਰਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਪਸ਼ੂ ਖੁਰਾਕ ਵਜੋਂ ਵਰਤੋਂ ਤੇ ਦੁਧਾਰੂ ਪਸ਼ੂਆਂ ਦੀ ਸਰਦੀ ਵਿੱਚ ਸਾਂਭ-ਸੰਭਾਲ ਬਾਬਤ ਜਾਣਕਾਰੀ ਦਿੱਤੀ।
ਇਸ ਕੈਂਪ ਵਿੱਚ ਪਿੰਡ ਠੀਂਡਾ ਤੋਂ ਸਰਪੰਚ ਹਰਪ੍ਰੀਤ ਸਿੰਘ, ਉਂਕਾਰ ਸਿੰਘ, ਕੁਲਵੀਰ ਸਿੰਘ, ਬਲਜੀਤ ਸਿੰਘ, ਦਲਵਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਕੋਟਲਾ ਤੋਂ ਸ. ਦਲੇਰ ਸਿੰਘ ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।
ਹੈਪੀ ਸੀਡਰ ਤਕਨੀਕ ਨਾਲ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਉਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਨੇ 8 ਏਕੜ ਰਕਬੇ ਤੇ ਕਣਕ ਦੀ ਬਿਜਾਈ ਕੀਤੀ ਹੈ। ਹਾਜ਼ਰ ਕਿਸਾਨਾਂ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।