ਪਲਾਸਟਿਕ ਡੋਰ ਵੇਚਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

29

ਸੰਗਰੂਰ, 10 ਜਨਵਰੀ 2026 AJ DI Awaaj

Punjab Desk :  ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸੰਗਰੂਰ ਪੁਲਿਸ ਦੀ ਸਾਂਝੀ ਟੀਮ ਵੱਲੋਂ ਚਲਾਈ ਗਈ ਮੁਹਿੰਮ ਦੌਰਾਨ ਪਲਾਸਟਿਕ (ਚਾਈਨਾ) ਡੋਰ ਵੇਚਣ ਵਾਲੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਸ਼੍ਰੀ ਰੋਹਿਤ ਸਿੰਗਲਾ ਨੇ ਦੱਸਿਆ ਕਿ ਬੋਰਡ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਭੰਡਾਰ ਕਰਨ, ਸਪਲਾਈ ਕਰਨ ਅਤੇ ਵੇਚਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਐਸ.ਡੀ.ਓ ਸ਼੍ਰੀ ਗੁਰਮੇਹਰ ਸਿੰਘ ਅਤੇ ਜੇ.ਈ. ਸ਼੍ਰੀ ਰੁਪਿੰਦਰ ਸਿੰਘ ਵੱਲੋਂ ਸੰਗਰੂਰ ਪੁਲਿਸ ਨਾਲ ਮਿਲ ਕੇ ਪਲਾਸਟਿਕ ਡੋਰ ਵੇਚਣ ਵਾਲੇ ਇੱਕ ਵਿਅਕਤੀ ਖਿਲਾਫ ਐਫ.ਆਈ.ਆਰ ਦਰਜ ਕਰਵਾਈ ਗਈ ਹੈ। ਨਾਲ ਹੀ ਚਾਈਨਾ ਡੋਰ ਦੀ ਸਪਲਾਈ, ਵੇਚ ਜਾਂ ਵਰਤੋਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਵੀ ਜਾਰੀ ਹੈ।

ਐਕਸੀਅਨ ਸ਼੍ਰੀ ਰੋਹਿਤ ਸਿੰਗਲਾ ਨੇ ਸਪਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਡੋਰ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇਗੀ ਅਤੇ ਪਲਾਸਟਿਕ/ਨਾਈਲਨ/ਸਿੰਥੈਟਿਕ ਡੋਰ ਵੇਚਣ ਜਾਂ ਸਟੋਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਆਮ ਲੋਕਾਂ ਨੂੰ ਪਤੰਗ ਉਡਾਉਣ ਦੌਰਾਨ ਪਾਬੰਦੀਸ਼ੁਦਾ ਚਾਈਨਾ ਡੋਰ, ਨਾਈਲਨ ਜਾਂ ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਨ ਸਬੰਧੀ ਇੱਕ ਜਨਤਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਨੋਟਿਸ ਅਨੁਸਾਰ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਰਤੋਂ, ਭੰਡਾਰਨ, ਸਪਲਾਈ, ਆਯਾਤ ਜਾਂ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।