ਮਾਨਸਾ, 3 ਫਰਵਰੀ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ‘ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ’ ਤਹਿਤ ਅੱਜ ਬਾਲ ਭਵਨ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਦੇ ਅਧੀਨ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਸਮਾਗਮ ਵਿੱਚ ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੈਂਪ ਦੀ ਸਮੁੱਚੀ ਨਿਗਰਾਨੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਵੱਲੋਂ ਕੀਤੀ ਗਈ।
ਕੈਂਪ ਦੌਰਾਨ 300 ਤੋਂ ਵਧੇਰੇ ਲੋੜਵੰਦ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਆਯੂਰਵੈਦਿਕ, ਹੋਮੋਪੈਥਿਕ ਅਤੇ ਐਲੋਪੈਥੀ ਦੇ ਮਾਹਿਰ ਡਾਕਟਰਾਂ ਨੇ ਬਜ਼ੁਰਗਾਂ ਦਾ ਚੈਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ । ਮਾਹਿਰਾਂ ਨੇ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਅਤੇ ਸਿਹਤ ਸਬੰਧੀ ਸਾਵਧਾਨੀਆਂ ਬਾਰੇ ਦੱਸਿਆ।
ਸਿਹਤ ਜਾਂਚ ਦੇ ਨਾਲ-ਨਾਲ ਬਜ਼ੁਰਗਾਂ ਨੂੰ ਸਮਾਜਿਕ ਅਤੇ ਵਿੱਤੀ ਤੌਰ ‘ਤੇ ਸੁਰੱਖਿਅਤ ਬਣਾਉਣ ਲਈ ਵਿਸ਼ੇਸ਼ ਸੈਸ਼ਨ ਕੀਤੇ ਗਏ ਜਿਸ ਤਹਿਤ ਅੱਜ-ਕੱਲ੍ਹ ਹੋ ਰਹੇ ਸਾਈਬਰ ਕਰਾਈਮ (ਆਨਲਾਈਨ ਠੱਗੀ) ਤੋਂ ਬਚਣ ਦੇ ਤਰੀਕੇ ਦੱਸੇ ਗਏ। ਬੈਂਕਾਂ ਦੀਆਂ ਵੱਖ-ਵੱਖ ਲਾਭਕਾਰੀ ਸਕੀਮਾਂ ਅਤੇ ਬੁਢਾਪਾ ਪੈਨਸ਼ਨ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ‘ਸੀਨੀਅਰ ਸਿਟੀਜ਼ਨ ਕਾਰਡ’ ਬਣਵਾਉਣ ਦੀ ਪ੍ਰਕਿਰਿਆ ਅਤੇ ਇਸ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ।
ਉਪ ਮੰਡਲ ਮੈਜਿਸਟਰੇਟ ਕਾਲਾ ਰਾਮ ਕਾਂਸਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਸੀਨੀਅਰ ਸਿਟੀਜ਼ਨਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਨੇ ਦੱਸਿਆ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਹਰ ਸੀਨੀਅਰ ਸਿਟੀਜਨਾਂ ਤੱਕ ਸਰਕਾਰੀ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਬ ਡਵੀਜ਼ਨ ਪੱਧਰ ‘ਤੇ ਵੀ ਅਜਿਹੇ ਹੋਰ ਚਾਰ ਕੈਂਪ ਅਤੇ ਜਾਗਰੂਕਤਾ ਸੈਮੀਨਾਰ ਲਗਾਏ ਜਾਣਗੇ।














