ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

28

ਬਰਨਾਲਾ, 23 ਸਤੰਬਰ 2025 AJ DI Awaaj

Punjab Desk : ਜ਼ਿਲ੍ਹਾ ਮੈਜਿਸਟ੍ਰਰੇਟ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ‘ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟ੍ਰਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰਰੇਟ ਨੇ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸੱਭਿਆਚਾਰਕ/ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਆਦਿ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।

ਇਹ ਪਾਬੰਦੀਆਂ ਦੇ ਹੁਕਮ 14 ਨਵੰਬਰ, 2025 ਤੱਕ ਲਾਗੂ ਰਹਿਣਗੇ।