ਡਾ. ਰਵਜੋਤ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਕੁੱਲ ਸਾਲਾਨਾ ਤਨਖਾਹ 12 ਲੱਖ ਰੁਪਏ ਹੈ, ਜੋ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਨੂੰ ਸਮਰਪਿਤ ਕੀਤੀ ਹੈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਈ ਕੁਦਰਤੀ ਆਫ਼ਤ ਨੇ ਆਮ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ। ਅਜਿਹੇ ਸਮੇਂ ਵਿੱਚ ਸਰਕਾਰ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਇਨਸਾਨ ਹੋਣ ਦੇ ਨਾਤੇ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਲੋੜਵੰਦਾਂ ਨਾਲ ਖੜ੍ਹਾ ਹੋਵੇ ਅਤੇ ਉਨ੍ਹਾਂ ਦੇ ਦਰਦ ਅਤੇ ਦੁੱਖ ਵਿੱਚ ਸ਼ਰੀਕ ਹੋਵੇ।
ਕੈਬਨਿਟ ਮੰਤਰੀ ਨੇ ਇਹ ਵੀ ਅਪੀਲ ਕੀਤੀ ਕਿ ਸਮਰੱਥ ਲੋਕਾਂ ਅਤੇ ਸਮਾਜਿਕ ਸੰਗਠਨਾਂ ਨੂੰ ਅੱਗੇ ਆ ਕੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿੱਚ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇੱਕ ਸੰਦੇਸ਼ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੇ ਨਾਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਕੱਠੇ ਮਿਲ ਕੇ ਅਸੀਂ ਇਸ ਆਫ਼ਤ ਨੂੰ ਦੂਰ ਕਰਾਂਗੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਆਮ ਜ਼ਿੰਦਗੀ ਵਿੱਚ ਵਾਪਸ ਲਿਆਉਣ ਵਿੱਚ ਸਫਲ ਹੋਵਾਂਗੇ।
