ਡਾ. ਰਵਜੋਤ ਨੇ ਕੀਤਾ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ

37

ਹੁਸ਼ਿਆਰਪੁਰ, 3 ਸਤੰਬਰ 2025 AJ DI Awaaj

Punjab Desk :  ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ ਕੀਤਾ ਅਤੇ ਬਰਸਾਤ ਦੇ ਮੌਸਮ ਦੌਰਾਨ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ ਮੁੱਖ ਤੌਰ ‘ਤੇ ਪਾਣੀ ਦੀ ਨਿਕਾਸੀ, ਸੜਕਾਂ ਦੀ ਮਾੜੀ ਹਾਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਲ ਸਨ।

ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਅਤੇ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੀਂਹ ਜਾਂ ਕੁਦਰਤੀ ਹਾਲਾਤ ਕਾਰਨ ਕਿਸੇ ਵੀ ਨਾਗਰਿਕ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਮੌਕੇ ‘ਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਕਿ ਡਰੇਨੇਜ ਸਿਸਟਮ ਦੀ ਤੁਰੰਤ ਮੁਰੰਮਤ ਕੀਤੀ ਜਾਵੇ, ਪਿੰਡ ਦੀਆਂ ਖ਼ਰਾਬ ਸੜਕਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕੀਤੀ ਜਾਵੇ ਅਤੇ ਮੀਂਹ ਨਾਲ ਪ੍ਰਭਾਵਿਤ ਹੋਰ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ ਅਤੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨਾ ਹੈ। ਇਸ ਦਿਸ਼ਾ ਵਿਚ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪਿੰਡ ਵਾਸੀ ਇਨ੍ਹਾਂ ਯਤਨਾਂ ਦੇ ਸਕਾਰਾਤਮਕ ਨਤੀਜੇ ਬਹੁਤ ਜਲਦੀ ਦੇਖਣਗੇ ਅਤੇ ਉਨ੍ਹਾਂ ਦਾ ਇਲਾਕਾ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਹੋਰ ਵੀ ਮਜ਼ਬੂਤ ਹੋ ਜਾਵੇਗਾ।