ਡਾ. ਸਾਰਿਕਾ ਨੇ ਬਤੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਰੂਪਨਗਰ

34
ਰੂਪਨਗਰ, 3 ਜੁਲਾਈ 2026 AJ DI Awaaj
Punjab Desk : ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਿੱਚ ਅੱਜ ਡਾ. ਸਾਰਿਕਾ ਨੇ ਬਤੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ (ਡੀ.ਆਈ.ਓ.) ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡਾ. ਸਾਰਿਕਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਹਰੇਕ ਯੋਗ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਸਮੇਂ ਸਿਰ ਟੀਕਾਕਰਨ ਸੇਵਾਵਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਸਾਰੀਆਂ ਟੀਮਾਂ ਨਾਲ ਮਿਲ ਕੇ ਟੀਕਾਕਰਨ ਦੀ ਸ਼ਤ-ਪ੍ਰਤੀਸ਼ਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਡਾ. ਸਾਰਿਕਾ ਨੇ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਜਾਨਲੇਵਾ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਸਾਧਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਟੀਕਾਕਰਨ ਪ੍ਰਤੀ ਜਾਗਰੂਕਤਾ ਵਧਾਉਣ, ਅਫ਼ਵਾਹਾਂ ਨੂੰ ਦੂਰ ਕਰਨ ਅਤੇ ਦੂਰ-ਦੁਰਾਡੇ ਖੇਤਰਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਟੀਕਾਕਰਨ ਸੇਵਾਵਾਂ ਦੇ ਨਾਲ-ਨਾਲ ਰਾਸ਼ਟਰੀ ਬਾਲ ਸਵਾਸਥ ਕਾਰਕਰਮ (ਆਰ.ਬੀ.ਐਸ.ਕੇ.) ਨੂੰ ਵੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਕਾਰਕਰਮ ਤਹਿਤ ਜਨਮ ਤੋਂ 18 ਸਾਲ ਤੱਕ ਦੇ ਬੱਚਿਆਂ ਵਿੱਚ ਜਨਮਜਾਤ ਨੁਕਸ, ਬਿਮਾਰੀਆਂ, ਪੋਸ਼ਣ ਦੀ ਕਮੀ ਅਤੇ ਵਿਕਾਸ ਸੰਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾਂਦਾ ਹੈ। ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਹੋਰ ਸੰਸਥਾਵਾਂ ਵਿੱਚ ਬੱਚਿਆਂ ਦੀ ਸਿਹਤ ਜਾਂਚ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਿਹਤ ਟੀਮਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ।
ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਡਾ. ਸਾਰਿਕਾ ਦੇ ਤਜਰਬੇ ਅਤੇ ਸਮਰਪਿਤ ਸੇਵਾਵਾਂ ਦਾ ਲਾਭ ਜ਼ਿਲ੍ਹੇ ਦੇ ਟੀਕਾਕਰਨ ਪ੍ਰੋਗਰਾਮ ਅਤੇ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਨੂੰ ਜ਼ਰੂਰ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਸੂਬੇ ਵਿੱਚ ਟੀਕਾਕਰਨ ਅਤੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਨਿਰਧਾਰਤ ਟੀਚਿਆਂ ਨੂੰ ਸਫ਼ਲਤਾਪੂਰਵਕ ਪ੍ਰਾਪਤ ਕਰੇਗਾ।
ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਤਹਿਤ ਉਪਲਬਧ ਮੁਫ਼ਤ ਸਿਹਤ ਜਾਂਚ ਅਤੇ ਇਲਾਜ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਵਚਨਬੱਧ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਘੁਲਾਟੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਗਾਇਨਕਲੋਜਿਸਟ ਡਾ. ਕਮਲਦੀਪ ਬੈਂਸ, ਫਾਰਮੇਸੀ ਅਫਸਰ ਅਵਤਾਰ ਸਿੰਘ ਘੁੰਮਣ, ਜ਼ਿਲ੍ਹਾ ਆਰਬੀਐਸ ਕੇ ਕੋਆਰਡੀਨੇਟਰ, ਕਿਰਨਦੀਪ ਕੌਰ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜ਼ਰ ਸਨ।