ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ

1
ਰੂਪਨਗਰ, 22 ਸਤੰਬਰ 2026 AJ DI Awaaj
Punjab Desk     : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਤਹਿਤ ਡਰਾਈਵਰਾਂ ਲਈ ਰੋਡ ਸੇਫਟੀ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਸਰਕਾਰੀ ਆਈ.ਟੀ.ਆਈ. ਰੂਪਨਗਰ ਵਿਖੇ ਚੱਲ ਰਹੇ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ ਸੈਂਟਰ ਵਿੱਚ ਵੱਖ-ਵੱਖ ਬੈਚਾਂ ਰਾਹੀਂ ਡਰਾਈਵਰਾਂ ਨੂੰ ਦੋ ਰੋਜ਼ਾ ਰੋਡ ਸੇਫਟੀ ਰਿਫਰੈਸ਼ਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਦਾ ਉਦੇਸ਼ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ, ਆਵਾਜਾਈ ਦੇ ਨਿਯਮਾਂ ਅਤੇ ਵਾਹਨ ਚਲਾਉਂਦੇ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨਾ ਹੈ।
ਇਸ ਮੌਕੇ ਪ੍ਰੋ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ਼੍ਰੀਮਤੀ ਰੇਨਰੀਟਾ ਡੇਚਲਵਾਲ ਵੱਲੋਂ ਸਿਖਲਾਈ ਕੇਂਦਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਕਰ ਰਹੇ ਡਰਾਈਵਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ, ਲੋੜਵੰਦਾਂ ਦੀ ਮਦਦ ਕਰਨ ਅਤੇ ਜ਼ਿਲ੍ਹਾ ਰੈੱਡ ਕਰਾਸ ਦੀਆਂ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ. ਗੁਰਸੋਹਣ ਸਿੰਘ ਵੱਲੋਂ ਸਿਖਿਆਰਥੀਆਂ ਨੂੰ ਮੁੱਢਲੀ ਸਹਾਇਤਾ (ਫਸਟ ਏਡ) ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਟ੍ਰੇਨਰ ਸ. ਗੁਰਿੰਦਰ ਸਿੰਘ ਵੱਲੋਂ ਸੜਕ ਸੁਰੱਖਿਆ ਨਾਲ ਸਬੰਧਿਤ ਨਿਰਧਾਰਤ ਪਾਠਕ੍ਰਮ ਅਨੁਸਾਰ ਡਰਾਈਵਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਇੰਚਾਰਜ ਸ. ਰੁਪਿੰਦਰ ਸਿੰਘ, ਸ਼੍ਰੀ ਵਰੁਣ ਸ਼ਰਮਾ, ਸ਼੍ਰੀਮਤੀ ਪਰਮਜੀਤ ਕੌਰ, ਮਿਸ ਰੁਪਿੰਦਰ ਕੌਰ ਅਤੇ ਮਿਸ ਪ੍ਰਿਆ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।