ਜੈਤੋ 28 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਡਰੋਨ ਸ਼ੋਅਜ਼ ਦੇ ਸਮਾਗਮਾਂ ਦੀ ਲੜੀ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿਚ 29 ਸਤੰਬਰ ਤੋਂ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਚ ਪਹਿਲਾ ਡਰੋਨ ਸ਼ੋਅ 29 ਸਤੰਬਰ ਨੂੰ ਖੇਡ ਸਟੇਡੀਅਮ, ਨੇੜੇ ਯੂਨੀਵਰਸਿਟੀ ਕਾਲਜ, ਜੈਤੋ ਵਿਖੇ ਕਰਵਾਇਆ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਡਰੋਨ ਸ਼ੋਅ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਅਨੋਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੰਗਤ ਦੇ ਬੈਠਣ ਲਈ ਢੁਕਵੀਂ ਵਿਵਸਥਾ ਕੀਤੀ ਜਾਵੇਗੀ। ਸਮਾਗਮ ਦੀ ਸ਼ੁਰੂਆਤ ਰਾਗੀ ਜਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਨਾਲ ਹੋਵੇਗੀ। ਪ੍ਰੋਗਰਾਮ ਸ਼ਾਮ 6 ਵਜੇ ਤੋਂ 7.30 ਵਜੇ ਤੱਕ ਕਰਵਾਇਆ ਜਾਵੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਡਰੋਨ ਸ਼ੋਅਜ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

















