ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ 23/05/2025 Aj DI Awaaj
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਹਲਕਿਆਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।
ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਚੌਂਤਰਾ, ਚੜ੍ਹੇਵਾਨ ਅਤੇ ਝਬੇਲਵਾਲੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।
ਇਸੇ ਤਰ੍ਹਾਂ ਹੀ ਮਲੋਟ ਹਲਕੇ ਦੇ ਪਿੰਡ ਫਕਰਸਰ ਥੇੜ੍ਹੀ, ਘੱਗਾ, ਮੱਲਵਾਲਾ ਅਤੇ ਕਟੋਰੇਵਾਲਾ ਵਿਖੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ੍ਰੀ ਜਸ਼ਨ ਬਰਾੜ ਨੇ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਡਾ ਸਾਰਿਆਂ ਦਾ ਰਲ-ਮਿਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ ਅਤੇ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ।
ਗਿੱਦੜਬਾਹਾ ਹਲਕੇ ਦੇ ਪਿੰਡ ਲੁੰਡੇਵਾਲਾ, ਬਾਦੀਆਂ ਅਤੇ ਕੁਰਾਈਵਾਲਾ ਵਿਖੇ ਵੱਖ-ਵੱਖ ਆਗੂਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਲੰਬੀ ਦੇ ਪਿੰਡ ਚੰਨੂ, ਲਾਲਬਾਈ ਅਤੇ ਧੌਲਾ ਵਿਖੇ ਸ. ਅਮੀਤ ਸਿੰਘ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਨਸ਼ੇ ਦਾ ਖਾਤਮਾ ਕਰਨਾ ਹੈ, ਡਿਫੈਂਸ ਕਮੇਟੀਆਂ ਨੂੰ ਪਿੰਡ ਪੱਧਰ ਆਪਸੀ ਸਹਿਯੋਗ ਦੀ ਬਹੁਤ ਲੋੜ ਹੈ, ਜੇਕਰ ਪਿੰਡ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਪ੍ਰਸਾਸ਼ਨ ਨੂੰ ਸੂਚਿਤ ਕੀਤਾ ਜਾਵੇ ਅਤੇ ਜੇਕਰ ਕੋਈ ਵਿਅਕਤੀ ਨਸ਼ੇ ਕਰਦਾ ਹੈ ਤਾਂ ਉਸਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਜਾਵੇ ਅਤੇ ਉਸਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ।
ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਜਗਸੀਰ ਸਿੰਘ ਸੰਧੂ ਹਾਜ਼ਰ ਸਨ।
