ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ 2026 AJ DI Awaaj
Punjab Desk : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਕ ਭਾਗੀਦਾਰੀ ਵੀ ਲਾਜ਼ਮੀ ਹੈ।
ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ।
ਮੀਟਿੰਗ ਦੌਰਾਨ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਰਾਜਪਾਲ ਨੇ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਸਹੀ ਦਿਸ਼ਾ, ਮੌਕੇ ਅਤੇ ਪ੍ਰੇਰਣਾ ਮਿਲਦੀ ਹੈ ਤਾਂ ਉਹ ਸਮਾਜ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।














