ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ

105

ਮਹਿਲ ਕਲਾਂ, 26 ਜੁਲਾਈ 2025 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਮਹਿਲ ਕਲਾਂ ਹਲਕੇ ਦੇ ਪਿੰਡ ਕੈਰੇ, ਕਲਾਲਾਂ ਤੇ ਬਖਤਗੜ੍ਹ ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ।
ਵਿਧਾਇਕ ਪੰਡੋਰੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਰੇ ਲੋਕ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਸਫ਼ਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੌਕੇ ਸਿਹਤ ਵਿਭਾਗ, ਪੁਲੀਸ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਤੋਂ ਅਧਿਕਾਰੀ, ਪਤਵੰਤੇ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।