ਲੋਕ ਮਿਲਣੀ ਦੌਰਾਨ ਸਪੀਕਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

63

ਫ਼ਰੀਦਕੋਟ, 16 ਸਤੰਬਰ 2025 AJ DI Awaaj

Punjab Desk : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਆਯੋਜਿਤ ਲੋਕ ਮਿਲਣੀ ਦੌਰਾਨ ਇਲਾਕੇ ਦੇ ਵਸਨੀਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰ ਇੱਕ ਸਮੱਸਿਆ ਦਾ ਨਿਪਟਾਰਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਤੁਰੰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਵੇਗਾ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਤੇ ਵਿਕਾਸ ਪ੍ਰੋਗਰਾਮ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਹੱਕਦਾਰ ਤੱਕ ਸਕੀਮਾਂ ਦੇ ਲਾਭ ਪਹੁੰਚਣ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਿੱਧੀ ਗੱਲਬਾਤ ਕਰਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਪਤਾ ਲੱਗਦਾ ਹੈ ਅਤੇ ਫਿਰ ਉਨ੍ਹਾਂ ਦਾ ਹੱਲ ਵੀ ਜਲਦੀ ਕੀਤਾ ਜਾ ਸਕਦਾ ਹੈ।

ਸਪੀਕਰ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਦੋਰਾਨ ਸਾਫ਼ ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਸਿੱਖਿਆ, ਕਿਸਾਨੀ ਸਮੱਸਿਆਵਾਂ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ ਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਅਧਾਰ ’ਤੇ ਪੂਰਾ ਕੀਤਾ ਜਾਵੇ।

ਸ. ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਪਾਏਂ ਅਤੇ ਆਪਣੀਆਂ ਸਮੱਸਿਆਵਾਂ/ਸੁਝਾਅ ਸਾਂਝੇ ਕਰਨ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਵਧ ਤੋਂ ਵਧ ਲਾਭ ਉਨ੍ਹਾਂ ਤੱਕ ਸਮੇਂ ਸਿਰ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਇਲਾਕਾ ਵਾਸੀਆਂ ਨੇ ਸ. ਸੰਧਵਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਲੋਕ ਮਿਲਣੀ ਵਰਗੀਆਂ ਕਾਵਾਇਦਾਂ ਨਾਲ ਲੋਕਾਂ ਦਾ ਸਰਕਾਰ ’ਤੇ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ।