ਬਰਨਾਲਾ, 9 ਅਕਤੂਬਰ 2026 AJ DI Awaaj
Punjab Desk : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ‘ਈ.ਸੀ.ਸੀ.ਈ.’ (ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ) ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਮਹੱਤਤਾ, ਸੱਭਿਆਚਾਰਕ ਵਿਰਾਸਤ ਅਤੇ ਚੰਗੇ-ਮੰਦੇ ਦੀ ਪਹਿਚਾਣ ਬਾਰੇ ਸਧਾਰਣ ਅਤੇ ਰੁਚਿਕਰ ਢੰਗ ਨਾਲ ਜਾਣੂ ਕਰਵਾਉਣਾ ਸੀ।
ਇਸ ਮੌਕੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਆਂਗਣਵਾੜੀ ਵਰਕਰਾਂ ਵੱਲੋਂ ਖੇਡਾਂ, ਕਹਾਣੀਆਂ, ਗੱਲਬਾਤ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਤਿਉਹਾਰਾਂ ਨਾਲ ਸਬੰਧਤ ਰਵਾਇਤਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਰਲ ਸ਼ਬਦਾਂ ਵਿੱਚ ਸਮਝਾਇਆ ਗਿਆ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਜਦਕਿ ਦੀਵਾਲੀ ਖੁਸ਼ੀਆਂ, ਰੌਸ਼ਨੀ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਸੱਚ ਬੋਲਣ, ਦੂਜਿਆਂ ਦੀ ਮਦਦ ਕਰਨ, ਬਜ਼ੁਰਗਾਂ ਦਾ ਸਤਿਕਾਰ ਕਰਨ, ਮਿਲਜੁਲ ਕੇ ਰਹਿਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਮਨੋਰਥ ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਬੱਚਿਆਂ ਦੇ ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਉਤਸ਼ਾਹ ਮਿਲਦਾ ਹੈ।
ਮਾਪਿਆਂ ਦੀ ਸਰਗਰਮ ਭਾਗੀਦਾਰੀ ਨੇ ਇਨ੍ਹਾਂ ਗਤੀਵਿਧੀਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਅਤੇ ਸਮੁੱਚੇ ਆਂਗਣਵਾੜੀ ਸੈਂਟਰਾਂ ਵਿੱਚ ਸਿੱਖਣ ਦੇ ਨਾਲ-ਨਾਲ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।

















