ਬਰਨਾਲਾ, 7 ਜੁਲਾਈ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ‘ਐਲਡਰਲਾਈਨ ਹੈਲਪਲਾਈਨ-14567’ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਟੋਲ-ਫ੍ਰੀ ਨੰਬਰ ‘ਤੇ ਸੰਪਰਕ ਕਰਕੇ ਬਜ਼ੁਰਗ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨ ਇਸ ਹੈਲਪਲਾਈਨ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀ ਹਰਪ੍ਰੀਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਬਲਾਕ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹੈਲਪਲਾਈਨ ਬਾਰੇ ਵਿਆਪਕ ਜਾਗਰੂਕਤਾ ਫੈਲਾਉਣ ਵਿੱਚ ਸਹਿਯੋਗ ਕਰਨ ਤਾਂ ਜੋ ਹਰ ਲੋੜਵੰਦ ਬਜ਼ੁਰਗ ਇਸ ਸੇਵਾ ਦਾ ਲਾਭ ਪ੍ਰਾਪਤ ਕਰ ਸਕੇ।










