ਸੜ੍ਹਕ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

24
ਮਾਨਸਾ, 23 ਮਈ 2025 Aj Di Awaaj
ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜ੍ਹਕਾਂ ਦੀ ਰਿਪੇਅਰ ਕਰਵਾਈ ਜਾਵੇ ਅਤੇ ਬਲੈਕ ਸਪੋਟ ਏਰੀਏ ਵਿਚ ਰਿਫਲੈਕਟਰ ਲਗਾਏ ਜਾਣ ਅਤੇ ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਾਅ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੜਕਾਂ ’ਤੇ ਝੁਕੇ ਹੋਏ ਦਰਖ਼ਤਾਂ ਨੂੰ ਛਾਂਗਣ, ਟਰੈਫਿਕ ਲਾਈਟਾਂ, ਸਪੀਡ ਬਰੇਕਰ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸੜ੍ਹਕੀ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜ੍ਹਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ. ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰ. ਗਗਨਦੀਪ ਸਿੰਘ ਤੋਂ ਪਬਲਿਕ ਵਰਕਸ, ਪੁਲਿਸ, ਮੰਡੀ ਬੋਰਡ ਅਤੇ ਜੰਗਲਾਤ ਵਿਭਾਗ ਆਦਿ ਦੇ ਅਧਿਕਾਰੀ ਹਾਜ਼ਰ ਸਨ।