ਨੰਗਲ 17 ਸਤੰਬਰ 2026 AJ DI Awaaj
Punjab Desk : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮਿਸ਼ਨ ਕਲੀਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਰੋਜ਼ਾਨਾ ਸਫਾਈ ਕਾਰਜ ਕਰਵਾਏ ਜਾ ਰਹੇ ਹਨ। ਅੱਜ ਵਾਰਡ ਨੰਬਰ 3 ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ, ਜਿਸ ਦੌਰਾਨ ਗਲੀਆਂ, ਸੜਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਕੂੜਾ-ਕਰਕਟ ਅਤੇ ਹੋਰ ਗੰਦਗੀ ਨੂੰ ਹਟਾਇਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੌਕੇ ’ਤੇ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਦਾ ਕੋਨਾ-ਕੋਨਾ ਸਾਫ਼ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਸਿਰਫ਼ ਇੱਕ ਦਿਨ ਜਾਂ ਕੁਝ ਦਿਨਾਂ ਦੀ ਮੁਹਿੰਮ ਨਹੀਂ ਹੈ, ਸਗੋਂ ਸ਼ਹਿਰ ਨੂੰ ਲੰਬੇ ਸਮੇਂ ਲਈ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੂਰਾ ਨੰਗਲ ਸਾਫ਼ ਨਹੀਂ ਹੋ ਜਾਂਦਾ, ਉਦੋਂ ਤੱਕ ਇਹ ਸਫਾਈ ਮੁਹਿੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਫਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਾਰਡਾਂ ਵਿੱਚ ਨਿਯਮਤ ਤੌਰ ’ਤੇ ਸਫਾਈ ਕਰਵਾਈ ਜਾ ਰਹੀ ਹੈ। ਜਿੱਥੇ ਕਿਤੇ ਵੀ ਕੂੜਾ ਜਾਂ ਗੰਦਗੀ ਦੇ ਢੇਰ ਨਜ਼ਰ ਆਉਂਦੇ ਹਨ, ਉਨ੍ਹਾਂ ਨੂੰ ਤੁਰੰਤ ਹਟਾਉਣ ਲਈ ਟੀਮਾਂ ਨੂੰ ਮੌਕੇ ’ਤੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਾਰਜਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸਫਾਈ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਸਾਫ਼ ਕੀਤੇ ਗਏ ਸਥਾਨਾਂ ’ਤੇ ਮੁੜ ਕੂੜਾ ਨਾ ਸੁੱਟਣ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਖਤਮ ਹੋਣ ਤੋਂ ਬਾਅਦ ਨੰਗਲ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਪਹੁੰਚਾਈ ਜਾ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਨੰਗਲ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ, ਵਧੀਆ ਸੜਕਾਂ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਲੋੜੀਂਦੀਆਂ ਸਹੂਲਤਾਂ ਮਿਲਣ।
ਉਨ੍ਹਾਂ ਕਿਹਾ ਕਿ ਨੰਗਲ ਦੇ ਵਿਕਾਸ ਲਈ ਕੰਮ ਜ਼ਮੀਨੀ ਪੱਧਰ ’ਤੇ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਸਫਾਈ, ਸੜਕਾਂ, ਪਾਣੀ ਅਤੇ ਹੋਰ ਨਾਗਰਿਕ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨੰਗਲ ਨੂੰ ਸੁੰਦਰ, ਸਾਫ਼ ਅਤੇ ਬਿਹਤਰ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਵਾਰਡ ਵਾਸੀਆਂ ਨੇ ਵੀ ਲਗਾਤਾਰ ਚਲਾਈ ਜਾ ਰਹੀ ਸਫਾਈ ਮੁਹਿੰਮ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਕਿਰਨ ਬਾਲਾ ਚੈਅਰਮੈਨ ਨਗਰ ਕੌਂਸਲ , ਮਨਜੋਤ ਕੌਂਸਲਰ , ਨਰਿੰਦਰ ਕੌਂਸਲਰ, ਰਣਜੀਤ ਬੱਗਾ, ਨਿਸ਼ਾਂਤ ਗੁਪਤਾ, ਇਮਰਾਨ , ਬਲਵਿੰਦਰ , ਅਕਸ਼ੈ, ਕੇਹਰ ਸਿੰਘ ਮਾਂਗੇਵਾਲ, ਸਚਿਨ ਕੁਮਾਰ ਸੈਨੇਟਰੀ ਇੰਸਪੈਕਟਰ, ਗੁਰਭਾਗ ਸਿੰਘ ਓਐਸਡੀ , ਨਿਤਿਨ ਸ਼ਰਮਾ ਹਾਜ਼ਰ ਸਨ।



















