ਫਰੀਦਕੋਟ, 29 ਸਤੰਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਫਰੀਦਕੋਟ ਵਿੱਚ ਜਾਗਰੂਕਤਾ ਵੈਨਾਂ ਚਲਾਈਆਂ ਜਾ ਰਹੀਆਂ ਹਨ। ਇਹ ਵੈਨਾਂ ਅੱਜ ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਕਿਸਾਨਾਂ ਨੂੰ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਆਦਿ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਵਿਭਾਗ ਵੱਲੋਂ ਤਿਆਰ ਕੀਤੇ ਗਏ ਜਾਗਰੂਕਤਾ ਸਮੱਗਰੀ ਵਾਲੇ ਪੰਫ਼ਲੈਟ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਵੰਡੇ ਜਾਣਗੇ ਅਤੇ ਸੱਥਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਸ਼ੀਨਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਨੂੰ ਕਵਰ ਕਰਨਗੀਆਂ ਅਤੇ ਲਗਾਤਾਰ ਲਗਭਗ ਦੋ ਮਹੀਨੇ ਤੱਕ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਨਗੀਆਂ। ਇਹ ਵੈਨਾਂ ਜੀ.ਪੀ.ਐੱਸ. ਨਾਲ ਲੈਸ ਹੋਣਗੀਆਂ, ਜਿਸ ਨਾਲ ਇਨ੍ਹਾਂ ਦੀ ਆਵਾਜਾਈ ਦੀ ਨਿਰੰਤਰ ਨਿਗਰਾਨੀ ਵੀ ਕੀਤੀ ਜਾ ਸਕੇਗੀ।
ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ, ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।
ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ , ਡਾ. ਗੁਰਪ੍ਰੀਤ ਸਿੰਘ ਸਹਾਇਕ ਮੰਡੀਕਰਨ ਅਫਸਰ, ਮੈਡਮ ਅਕਸ਼ਿਤ ਜੈਨ, ਸਹਾਇਕ ਖੇਤੀਬਾੜੀ ਇੰਜੀਨੀਅਰ, ਡਾ. ਅਮਨ ਕੇਸਵ ਪ੍ਰੋਜੈਕਟ ਡਾਇਰੈਕਟਰ ਆਤਮਾ, ਸ੍ਰੀ ਪਰਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ, ਸ੍ਰੀ ਸੁਖਚੈਨ ਸਿੰਘ ਜੇ. ਟੀ ਵੀ ਸਨ।



















